ਲੋਕ ਸ਼੍ਰੋਮਣੀ ਅਕਾਲੀ ਦਲ ਵੱਲ ਮੁੜ ਰਹੇ ਹਨ : ਸੰਤ ਘੁੰਨਸ
ਆਮ ਲੋਕ ਸ੍ਰੋਮਣੀ ਅਕਾਲੀ ਦਲ ਵੱਲ ਮੁੜ ਰਹੇ ਹਨ-ਸੰਤ ਘੁੰਨਸ
Publish Date: Wed, 06 May 2026 04:15 PM (IST)
Updated Date: Wed, 06 May 2026 04:17 PM (IST)

- ਕਿਹਾ, 2027 ’ਚ ਆਮ ਆਦਮੀ ਪਾਰਟੀ ਨੂੰ ਮੂੰਹ ਤੋੜ ਜਵਾਬ ਮਿਲੇਗਾ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ : ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਤੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਨੇ ਮਹਿਲ ਕਲਾਂ ਵਿਖੇ ਕਿਹਾ ਕਿ ਪੰਜਾਬ ’ਚ ਤੇਜ਼ੀ ਨਾਲ ਬਣ ਰਹੀ ਲੋਕ ਲਹਿਰ ਸਪੱਸ਼ਟ ਸੰਕੇਤ ਦੇ ਰਹੀ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਬਦਲਾਅ ਦੀ ਮਜ਼ਬੂਤ ਲਹਿਰ ਪਿੰਡਾਂ ਤੋਂ ਸ਼ਹਿਰਾਂ ਤੱਕ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਰਿਹਾ ਹੈ। ਬਾਦਲ ਸਰਕਾਰ ਦੇ ਦੌਰ ’ਚ ਪਿੰਡਾਂ ਦੀਆਂ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਬਿਜਲੀ ਅਤੇ ਪਾਣੀ ਦੇ ਖੇਤਰ ’ਚ ਕੀਤੀਆਂ ਪ੍ਰਾਪਤੀਆਂ ਅੱਜ ਵੀ ਲੋਕਾਂ ਵੱਲੋਂ ਯਾਦ ਕੀਤੀਆਂ ਜਾ ਰਹੀਆਂ ਹਨ। ਸੰਤ ਘੁੰਨਸ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵਾਂ ਬਦਲਾਅ ਦੇ ਨਾਂ ’ਤੇ ਆਈ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਵਿਕਾਸ ਦੇ ਮਾਮਲਿਆਂ ’ਚ ਲੋਕ ਨਿਰਾਸ਼ ਹੋਏ ਹਨ ਅਤੇ ਸਰਕਾਰ ਵੱਲੋਂ ਪਾਰਟੀ ਵਰਕਰਾਂ ’ਤੇ ਝੂਠੇ ਮੁਕੱਦਮੇ ਦਰਜ ਕਰਨ ਦੀਆਂ ਘਟਨਾਵਾਂ ਨੇ ਲੋਕਾਂ ’ਚ ਰੋਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੰਜਾਬ ਦੇ ਲੋਕ ਭੁੱਲਣ ਵਾਲੇ ਨਹੀਂ ਅਤੇ 2027 ਦੀਆਂ ਚੋਣਾਂ ’ਚ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ, ਜੋ ਪਾਰਟੀ ਪ੍ਰਤੀ ਵਧਦੇ ਭਰੋਸੇ ਦੀ ਨਿਸ਼ਾਨੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ’ਚ ਇਹ ਲਹਿਰ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ’ਚ ਮੁੜ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਸੇਵਾਮੁਕਤ ਜ਼ਿਲ੍ਹਾ ਜੰਗਲਾਤ ਅਫ਼ਸਰ ਅਜੀਤ ਸਿੰਘ ਅਤੇ ਬੀ.ਐੱਸ. ਇਮੀਗ੍ਰੇਸ਼ਨ ਮਹਿਲ ਕਲਾਂ ਦੇ ਡਾਇਰੈਕਟਰ ਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਤੇ ਕੁਲਵੰਤ ਸਿੰਘ ਟਿੱਬਾ ਵੀ ਮੌਜੂਦ ਸਨ।