ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ
ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ
Publish Date: Wed, 13 May 2026 04:44 PM (IST)
Updated Date: Wed, 13 May 2026 04:45 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ’ਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲੱਭਧ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਤਿੰਦਰਪਾਲ ਕੌਰ ਧਾਰੀਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿੱਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿੱਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰ ਟੇਕਰ ਵੀ ਹੋਵੇਗਾ। ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿੱਚ ਸੀ ਸੀ ਟੀ ਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ ’ਤੇ ਪਾਬੰਦੀ ਹੋਵੇਗੀ। ਬੱਚਿਆਂ ’ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ। ਪਲੇਅ ਵੇਅ ਸਕੂਲਾਂ ਵਿੱਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆਹੈ। ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿੱਚ ਫੀਸਾਂ ਸਬੰਧੀ ਵੀ ਦਿਸ਼ਾ ਨਿਰਦੇਸ਼ ਲਾਗੂ ਹੋਣਗੇ। ਉਨ੍ਹਾਂ ਹੋਰ ਦੱਸਿਆ ਕਿ ਹੁਣ ਪਲੇਅਵੇਅ ਸਕੂਲਾਂਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ।