ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, 6 ਗ੍ਰਿਫ਼ਤਾਰ
ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡਾ 'ਸਰਚ ਅਪਰੇਸ਼ਨ'; ਨਸ਼ੀਲੀਆਂ ਗੋਲੀਆਂ ਬਰਾਮਦ, 6 ਗ੍ਰਿਫ਼ਤਾਰ
Publish Date: Sat, 17 Jan 2026 07:34 PM (IST)
Updated Date: Sun, 18 Jan 2026 04:16 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਕਾਰਡਨ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਪੁਲਿਸ ਨੇ ਵੱਖ-ਵੱਖ ਡਰੱਗ ਹੌਟਸਪਾਟਸ ’ਤੇ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਅਪਰੇਸ਼ਨ ਲਈ 112 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ । ਇਹ ਕਾਰਵਾਈ ਜ਼ਿਲ੍ਹੇ ਦੇ 5 ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ ਸੀ.ਆਈ.ਏ. ਸਟਾਫ਼ ਦੀ ਦੇਖ-ਰੇਖ ਹੇਠ ਅੰਜਾਮ ਦਿੱਤੀ ਗਈ। ਪੁਲਿਸ ਨੇ ਮੁੱਖ ਤੌਰ ’ਤੇ ਸੈਸੀ ਬਸਤੀ (ਬਰਨਾਲਾ) ਅਤੇ ਕਿੱਲਾ ਪੱਤੀ (ਹੰਡਿਆਇਆ) ਵਰਗੇ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਇਸ ਅਪਰੇਸ਼ਨ ਦੌਰਾਨ ਪੁਲਿਸ ਨੇ ਕੁੱਲ 45 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 4 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ । ਪੁਲਿਸ ਨੇ ਕਾਰਵਾਈ ਕਰਦਿਆਂ 5 ਐੱਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 6 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਤਲਾਸ਼ੀ ਦੌਰਾਨ ਤਸਕਰਾਂ ਕੋਲੋਂ 413 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।