ਨੰਬਰਦਾਰਾਂ ਦਾ ਸਰਕਾਰ ਖ਼ਿਲਾਫ਼ ਰੋਸ ਭੜਕਿਆ
ਨੰਬਰਦਾਰਾਂ ਦਾ ਸਰਕਾਰ ਖ਼ਿਲਾਫ਼ ਰੋਸ ਭੜਕਿਆ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ
Publish Date: Sun, 10 May 2026 05:47 PM (IST)
Updated Date: Mon, 11 May 2026 04:06 AM (IST)

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮੀਟਿੰਗ ਤਹਿਸੀਲ ਪ੍ਰਧਾਨ ਨੰਬਰਦਾਰ ਕਲੱਟਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਤਹਿਸੀਲ ਪ੍ਰਧਾਨ ਕਲੱਟਰ ਸਿੰਘ ਪੰਡੋਰੀ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਰਾਣੂ ਹਮੀਦੀ, ਮੀਤ ਪ੍ਰਧਾਨ ਜਸਵੰਤ ਸਿੰਘ ਕਲਾਲ ਮਾਜਰਾ, ਜਨਰਲ ਸਕੱਤਰ ਡਾ. ਸੁਖਵਿੰਦਰ ਸਿੰਘ ਠੁੱਲੀਵਾਲ ਤੇ ਖ਼ਜ਼ਾਨਚੀ ਮਹਿੰਦਰ ਸਿੰਘ ਸਹੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਮਾਨ ਭੱਤਾ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ ਤੇ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਦਰਜਾ ਦਿੱਤਾ ਜਾਵੇਗਾ, ਪਰ ਸਰਕਾਰ ਨੂੰ ਬਣੇ 4 ਸਾਲ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਕਈ ਵਾਰ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਨੰਬਰਦਾਰਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਨ ਭੱਤਾ ਮੌਜੂਦਾ 1500 ਰੁਪਏ ਤੋਂ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਦਰਜਾ ਦਿੱਤਾ ਜਾਵੇ, ਤਹਿਸੀਲ ਦਫ਼ਤਰਾਂ ਵਿੱਚ ਨੰਬਰਦਾਰਾਂ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਬਕਾਇਆ ਮਾਨ ਭੱਤਾ ਤੁਰੰਤ ਜਾਰੀ ਕੀਤਾ ਜਾਵੇ। ਮੀਟਿੰਗ ਵਿੱਚ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਮੂੰਮ, ਦਵਿੰਦਰ ਸਿੰਘ ਵਜੀਦਕੇ ਖੁਰਦ, ਦਰਸ਼ਨ ਸਿੰਘ ਸਹੌਰ, ਤਰਲੋਚਨ ਸਿੰਘ ਧਨੇਰ ਅਤੇ ਕੁਲਵਿੰਦਰ ਸਿੰਘ ਕਲਾਲ ਮਾਜਰਾ ਸਮੇਤ ਕਈ ਨੰਬਰਦਾਰ ਹਾਜ਼ਰ ਸਨ।