ਬਰਨਾਲਾ 'ਚ ਦਰਦਨਾਕ ਘਟਨਾ: ਡਰੇਨ ਦੀ ਪਟੜੀ 'ਤੇ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਨੇ ਸ਼ੁਰੂ ਕੀਤੀ ਬਾਰੀਕੀ ਨਾਲ ਜਾਂਚ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਅਮਲਾ ਸਿੰਘ ਵਾਲਾ ਨੇੜੇ ਲੰਘਦੀ ਡਰੇਨ ਦੀ ਪਟੜੀ ਉੱਪਰ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।
Publish Date: Mon, 25 May 2026 03:19 PM (IST)
Updated Date: Mon, 25 May 2026 03:20 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਡਰੇਨ ਦੀ ਪਟੜੀ ਉੱਪਰ ਅੱਜ ਸਵੇਰੇ ਕਰੀਬ 7:30 ਵਜੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਠੁੱਲੀਵਾਲ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਅਮਲਾ ਸਿੰਘ ਵਾਲਾ ਨੇੜੇ ਲੰਘਦੀ ਡਰੇਨ ਦੀ ਪਟੜੀ ਉੱਪਰ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 18 ਤੋਂ 19 ਸਾਲ ਦੇ ਵਿਚਕਾਰ ਲੱਗਦੀ ਹੈ, ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ, ਜਿੱਥੇ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਆਸ-ਪਾਸ ਦੇ ਇਲਾਕਿਆਂ ’ਚ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।
ਏਐਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਨੂੰ ਧਿਆਨ ’ਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਸੇ ਨੂੰ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।