ਸੇਵਾ ਕੇਂਦਰ ਬੰਦ ਰਹਿਣ ਕਾਰਨ ਲੋਕਾਂ ਨੂੰ ਹੋਈ ਭਾਰੀ ਪਰੇਸ਼ਾਨੀ, ਬਿਨਾਂ ਕੰਮ ਕਰਾਏ ਹੀ ਨਿਰਾਸ਼ ਹੋ ਕੇ ਘਰਾਂ ਨੂੰ ਪਰਤੇ ਪਿੰਡਾਂ ਤੋਂ ਆਏ ਲੋਕ
ਦੂਜੇ ਪਾਸੇ ਹੜਤਾਲ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।
Publish Date: Thu, 28 May 2026 08:30 AM (IST)
Updated Date: Thu, 28 May 2026 08:34 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਆਪਣੀਆਂ ਭੱਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਹੜਤਾਲ ਕਾਰਨ ਕਸਬਾ ਮਹਿਲ ਕਲਾਂ ਵਿਖੇ ਸਥਿਤ ਸੇਵਾ ਕੇਂਦਰ ਪੂਰੀ ਤਰ੍ਹਾਂ ਬੰਦ ਰਹੇ। ਇਸ ਕਾਰਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਪਣੇ ਜ਼ਰੂਰੀ ਕੰਮਾਂ ਲਈ ਆਏ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਲੋਕ ਜਨਮ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਆਧਾਰ ਕਾਰਡ ਅੱਪਡੇਟ, ਬੱਚਿਆਂ ਦੇ ਦਾਖ਼ਲਿਆਂ ਅਤੇ ਹੋਰ ਜ਼ਰੂਰੀ ਕਾਗਜ਼ਾਂ ਦੇ ਕੰਮਾਂ ਲਈ ਸੇਵਾ ਕੇਂਦਰ ਪਹੁੰਚੇ ਹੋਏ ਸਨ, ਪਰ ਸੇਵਾ ਕੇਂਦਰ ਦੇ ਬੰਦ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਘਰਾਂ ਨੂੰ ਪਰਤਣਾ ਪਿਆ। ਖਾਸ ਤੌਰ ’ਤੇ ਦੂਰ-ਦੁਰਾਡੇ ਪਿੰਡਾਂ ਤੋਂ ਆਏ ਬਜ਼ੁਰਗਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪਈ। ਲੋਕਾਂ ਨੇ ਕਿਹਾ ਕਿ ਇੱਕ ਪਾਸੇ ਗਰਮੀ ਦਾ ਮੌਸਮ ਹੈ ਅਤੇ ਦੂਜੇ ਪਾਸੇ ਜ਼ਰੂਰੀ ਕੰਮ ਰੁਕ ਜਾਣ ਕਾਰਨ ਉਹ ਖੱਜਲ-ਖੁਆਰ ਹੋ ਰਹੇ ਹਨ। ਕਈ ਲੋਕਾਂ ਨੇ ਦੱਸਿਆ ਕਿ ਉਹ ਆਪਣੇ ਰੋਜ਼ਾਨਾ ਦੇ ਕੰਮ ਛੱਡ ਕੇ ਅਤੇ ਕਿਰਾਇਆ ਖਰਚ ਕਰਕੇ ਸੇਵਾ ਕੇਂਦਰ ਪਹੁੰਚੇ ਸਨ, ਪਰ ਬਿਨਾਂ ਕੰਮ ਹੋਏ ਹੀ ਵਾਪਸ ਜਾਣਾ ਪਿਆ।