ਕਿਸਾਨੀ ਮਸਲਿਆਂ ’ਤੇ ਸਰਕਾਰਾਂ ਨੂੰ ਘੇਰਨ ਲਈ ਤਿਆਰੀਆਂ ਤੇਜ਼
ਕਿਸਾਨੀ ਮਸਲਿਆਂ ’ਤੇ ਸਰਕਾਰਾਂ ਨੂੰ ਘੇਰਨ ਲਈ ਤਿਆਰੀਆਂ ਤੇਜ਼
Publish Date: Wed, 20 May 2026 05:26 PM (IST)
Updated Date: Wed, 20 May 2026 05:28 PM (IST)
- ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕੀਤੀ ਇਕੱਤਰਤਾ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ ’ਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕਰਦਿਆਂ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਵੱਡੇ ਸੰਘਰਸ਼ ਲਈ ਤਿਆਰੀਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ ਸਹਿਗੜਾ, ਖਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਸਕੱਤਰ ਡਾ. ਸੁਖਦੀਪ ਸਿੰਘ ਗਿੱਲ ਅਤੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸਰਬਜੀਤ ਸਿੰਘ ਸਹੌਰ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਕੰਪਨੀਆਂ ਦੇ ਹਵਾਲੇ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਖੇਤੀ ਦੀ ਲਾਗਤ ਨੂੰ ਕਈ ਗੁਣਾ ਵਧਾ ਦਿੱਤਾ ਹੈ ਅਤੇ ਕਿਸਾਨ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੇ ਹਨ। ਆਗੂਆਂ ਨੇ ਚੰਡੀਗੜ੍ਹ ਵਿਖੇ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਅਤੇ ਅੰਸੂ ਗੈਸ ਦੇ ਪ੍ਰਯੋਗ ਦੀ ਤਿੱਖੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਸਨ। ਮੀਟਿੰਗ ਦੌਰਾਨ ਸਾਰੀਆਂ ਫਸਲਾਂ ’ਤੇ ਕਾਨੂੰਨੀ ਐੱਮਐੱਸਪੀ ਦੀ ਗਾਰੰਟੀ, ਕਿਸਾਨਾਂ ਦੇ ਕਰਜ਼ੇ ਦੀ ਮਾ੍ਫ਼ੀ, ਫਸਲ ਨੁਕਸਾਨ ਦੀ ਪੂਰੀ ਭਰਪਾਈ, ਡੀਜ਼ਲ-ਖਾਦ-ਬੀਜ ’ਤੇ ਸਬਸਿਡੀ ਵਧਾਉਣ, ਨਕਲੀ ਕੀਟਨਾਸ਼ਕਾਂ ਦੀ ਵਿਕਰੀ ’ਤੇ ਰੋਕ, ਮੰਡੀ ਪ੍ਰਣਾਲੀ ਮਜ਼ਬੂਤ ਕਰਨ, ਖੇਤੀ ਲਈ ਮੁਫ਼ਤ ਅਤੇ ਨਿਰੰਤਰ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਪੂਰੀ ਉਪਲਬਧਤਾ, ਨਵੇਂ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਅਤੇ ਜ਼ਮੀਨਾਂ ਦੇ ਜਬਰਦਸਤੀ ਦੱਬਣ ’ਤੇ ਰੋਕ ਲਗਾਉਣ ਵਰਗੀਆਂ ਅਹਿਮ ਮੰਗਾਂ ਉੱਠਾਈਆਂ ਗਈਆਂ।