ਪੰਜਾਬ ਸਰਕਾਰ ਦਾ ਨਵਾਂ ਕਾਨੂੰਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰ

- ਧਾਰਮਿਕ ਮਾਮਲਿਆਂ ’ਚ ਸਰਕਾਰ ਨੂੰ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ : ਜਥੇਦਾਰ ਨਾਥ ਸਿੰਘ ਹਮੀਦੀ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਜ਼ਿਲ੍ਹੇ ਦੇ ਕਸਬਾ ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗ੍ਰੰਥੀ ਸਾਹਿਬਾਨਾਂ, ਪਾਠੀ ਸਿੰਘਾਂ, ਰਾਗੀ ਜਥਿਆਂ, ਢਾਡੀ ਜਥਿਆਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇੱਕ ਵਿਸ਼ਾਲ ਪੰਥਕ ਇਕੱਤਰਤਾ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ (ਸਾਬੋ ਕੀ ਤਲਵੰਡੀ) ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਕੱਤਰਤਾ ਦੌਰਾਨ ਇਲਾਕੇ ਦੇ ਗ੍ਰੰਥੀ ਸਾਹਿਬਾਨਾਂ, ਪਾਠੀ ਸਿੰਘਾਂ, ਰਾਗੀ ਅਤੇ ਢਾਡੀ ਜਥਿਆਂ ਅਤੇ ਪੰਥਕ ਸ਼੍ਖ਼ਸੀਅਤਾਂ ਵੱਲੋਂ ਕਾਨੂੰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਇਹ ਕਾਨੂੰਨ ਪੰਥਕ ਧਿਰਾਂ, ਗ੍ਰੰਥੀ ਸਿੰਘਾਂ ਅਤੇ ਧਾਰਮਿਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਪਾਸ ਕੀਤਾ ਗਿਆ ਹੈ, ਜਿਸ ਕਾਰਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਦੇ ਮਨਾਂ ਵਿੱਚ ਡਰ ਅਤੇ ਦੁਵਿਧਾ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਜਾਂ ਗ੍ਰੰਥੀ ਸਿੰਘਾਂ ਨੂੰ ਦੋਸ਼ੀ ਠਹਿਰਾਉਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਡਰ ਕਾਰਨ ਪਿੰਡਾਂ ਦੇ ਆਮ ਸਿੱਖ ਪਰਿਵਾਰ ਵੀ ਆਪਣੇ ਘਰਾਂ ’ਚ ਪ੍ਰਕਾਸ਼ ਕੀਤੇ ਗੁਟਕਾ ਸਾਹਿਬ ਅਕਾਲ ਤਖ਼ਤ ਸਾਹਿਬ ਵਿਖੇ ਜਮ੍ਹਾਂ ਕਰਵਾ ਰਹੇ ਹਨ, ਜੋ ਬਹੁਤ ਚਿੰਤਾ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਹੱਕ ’ਚ ਹੈ ਪਰ ਕਾਨੂੰਨ ਦਾ ਡਰ ਪੈਦਾ ਕਰ ਕੇ ਸਿੱਖ ਨੌਜਵਾਨਾਂ ਨੂੰ ਸਿੱਖੀ ਅਤੇ ਗੁਰੂ ਘਰਾਂ ਤੋਂ ਦੂਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੇ ਗਏ ਪੰਥਕ ਇਕੱਠ ’ਚ ਹਰ ਸਿੱਖ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਪੰਥਕ ਏਕਤਾ ਦਾ ਮਜ਼ਬੂਤ ਸੰਦੇਸ਼ ਦਿੱਤਾ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਦੀ ਆੜ ਹੇਠ ਆਮ ਸਿੱਖ ਪਰਿਵਾਰਾਂ, ਗ੍ਰੰਥੀ ਸਾਹਿਬਾਨਾਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਬੇਵਜ੍ਹਾ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਅਤੇ ਪਾਠੀ ਸਿੰਘਾਂ ਨੂੰ ਬੇਅਦਬੀ ਦੀਆਂ ਘਟਨਾਵਾਂ ’ਚ ਸ਼ਾਮਲ ਕਰਨਾ ਜਾਂ ਉਨ੍ਹਾਂ ਨੂੰ ਦੋਸ਼ੀ ਬਣਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚੋਂ ਵੱਡੀ ਗਿਣਤੀ ’ਚ ਸੰਗਤਾਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਪੰਥਕ ਇਕੱਠ ’ਚ ਸ਼ਮੂਲੀਅਤ ਕਰਨ ਲਈ ਜਾਣਗੀਆਂ।
ਉਨ੍ਹਾਂ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤ ਨੂੰ ਪੰਥਕ ਇਕੱਠ ’ਚ ਲਿਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾਣ। ਇਸ ਮੌਕੇ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸੇਰਪੁਰ, ਭਾਈ ਸੁਖਵਿੰਦਰ ਸਿੰਘ ਸੁੱਖਾ, ਜਥੇਦਾਰ ਗੁਰਦੀਪ ਸਿੰਘ ਛਾਪਾ, ਜਸਵਿੰਦਰ ਸਿੰਘ ਦੀਦਾਰਗੜ੍ਹ, ਜਗਦੇਵ ਸਿੰਘ ਬਧੇਸਾ, ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ, ਬਾਬਾ ਸ਼ੇਰ ਸਿੰਘ ਖਾਲਸਾ, ਕਰਨੈਲ ਸਿੰਘ ਢੈਪੀ ਵਾਲੇ, ਸਾਬਕਾ ਸਰਪੰਚ ਗਰੀਬ ਸਿੰਘ ਰਾਮ ਨਗਰ ਛੰਨਾ, ਢਾਡੀ ਰਮਨਦੀਪ ਸਿੰਘ ਦੀਵਾਨਾ, ਗੁਰਦੀਪ ਸਿੰਘ ਟੀਵਾਣਾ, ਨੰਬਰਦਾਰ ਆਤਮਾ ਸਿੰਘ ਮਹਿਲ ਕਲਾਂ, ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ, ਰਾਗੀ ਭਾਈ ਜਗਸੀਰ ਸਿੰਘ ਖਾਲਸਾ, ਢਾਡੀ ਹਰਜਿੰਦਰ ਸਿੰਘ ਦੀਵਾਨਾ, ਸਰਬਜੀਤ ਸਿੰਘ ਗੰਗੋਹਰ, ਸਾਬਕਾ ਸਰਪੰਚ ਜਰਨੈਲ ਸਿੰਘ, ਗੁਰਵਿੰਦਰ ਸਿੰਘ ਕਲਾਲਾ, ਗੁਰਮੇਲ ਸਿੰਘ ਗੁੰਮਟੀ, ਹਰਮੀਤ ਸਿੰਘ ਨਾਈਵਾਲਾ, ਸੁਖਵਿੰਦਰ ਸਿੰਘ ਛੀਨੀਵਾਲ ਕਲਾਂ, ਬਿੱਟੂ ਸਿੰਘ ਮਹਿਲ ਕਲਾਂ, ਸਾਬਕਾ ਸਰਪੰਚ ਜਗਰੂਪ ਸਿੰਘ ਬੀਹਲਾ ਅਤੇ ਨੰਬਰਦਾਰ ਹਰਜਿੰਦਰ ਸਿੰਘ ਹਮੀਦੀ ਸਮੇਤ ਵੱਖ-ਵੱਖ ਪਿੰਡਾਂ ਦੀਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਪਾਠੀ ਸਿੰਘਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ।