ਅਧਿਆਪਕਾਂ ਤੇ ਪੁਲਿਸ ਤਸ਼ੱਦਦ ਵਿਰੁੱਧ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਅਧਿਆਪਕਾਂ ਤੇ ਪੁਲਿਸ ਤਸ਼ੱਦਦ ਵਿਰੁੱਧ ਫੂਕੀ ਪੰਜਾਬ ਸਰਕਾਰ ਦੀ ਅਰਥੀ
Publish Date: Wed, 18 Mar 2026 03:20 PM (IST)
Updated Date: Wed, 18 Mar 2026 03:22 PM (IST)
- ਪੁਤਲਾ ਫੂਕਣ ਉਪਰੰਤ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਲਹਿਰਾਗਾਗਾ : ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂ ਸੁਖਜਿੰਦਰ ਸਿੰਘ ਹਰੀਕਾ, ਸਤਵੰਤ ਸਿੰਘ ਆਲਮਪੁਰ, ਹਰਭਗਵਾਨ ਸਿੰਘ ਗੁਰਨੇ, ਮੇਘ ਰਾਜ, ਕਿਰਨਪਾਲ ਗਾਗਾ ਸਿੰਦਰਪਾਲ ਸਿੰਘ, ਮਹਾਵੀਰ ਸਿੰਘ ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾਂ ਕਰਨ, ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰ ਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਪ੍ਰਤੀ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਇਸ ਪ੍ਰਦਰਸ਼ਨ ਵਿੱਚ ਮਨੋਜ ਕੁਮਾਰ, ਗੁਰਪ੍ਰੀਤ ਪਸ਼ੋਰੀਆ, ਸੱਤਪਾਲ ਸਿੰਘ, ਕਰਨੈਲ ਸੈਣੀ, ਨਰਿੰਦਰ ਪਾਲ, ਕੁਲਦੀਪ ਸਿੰਘ, ਕੁਲਦੀਪ ਅੜਕਵਾਸ, ਗੁਰਪਿਆਰ ਸਿੰਘ, ਗੁਰਚਰਨ ਸਿੰਘ, ਬੋਰੀਆ ਸਿੰਘ, ਰਾਜ ਸੈਣੀ, ਦਲਜੀਤ ਸਫੀਪੁਰ, ਰਕੇਸ਼ ਕੁਮਾਰ ਆਦਿ ਹਾਜ਼ਰ ਸਨ।