‘ਆਪ੍ਰੇਸ਼ਨ ਪ੍ਰਹਾਰ’ ਤਹਿਤ 31 ਮੁਲਜ਼ਮ ਤੇ 1 ਪੀਓ ਕਾਬੂ
“ਅਪਰੇਸ਼ਨ ਪ੍ਰਹਾਰ” ਤਹਿਤ 31 ਮੁਲਜ਼ਮ ਅਤੇ 1 ਪੀਓ ਕਾਬੂ, 20 ਹਿਸਟਰੀ ਸੀਟਰਾਂ ਖਿਲਾਫ ਐਕਸ਼ਨ
Publish Date: Wed, 21 Jan 2026 07:13 PM (IST)
Updated Date: Wed, 21 Jan 2026 07:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਜ਼ਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 7 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਮੁਲਜ਼ਮਾਂ ਅਤੇ 1 ਘੋਸ਼ਿਤ ਅਪਰਾਧੀ (ਪੀਓ) ਨੂੰ ਕਾਬੂ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜ਼ਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ’ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ।