ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।
ਵੀਰਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ। ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।
ਉਨ੍ਹਾਂ ਕਿਹਾ, "ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।" ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।"
ਉਨ੍ਹਾਂ ਕਿਹਾ, "ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।" ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ 'ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਉਨ੍ਹਾਂ ਕਿਹਾ, “ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਦਾ ਪਾਸ ਹੋਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ, "ਇਸ ਕਾਨੂੰਨ ਤਹਿਤ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਈ ਗਈ ਹੈ ਜਿਸ ਨਾਲ ਇੱਕ ਸਪੱਸ਼ਟ ਸੰਦੇਸ਼ ਮਿਲਦਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਨੌਉਣੀਆਂ ਕਾਰਵਾਈਆਂ ਨਾ ਸਿਰਫ਼ ਧਰਮ ਦੇ ਖਿਲਾਫ ਅਪਰਾਧ ਹਨ, ਸਗੋਂ ਮਨੁੱਖਤਾ ਖਿਲਾਫ ਵੀ ਅਪਰਾਧ ਹਨ, ਜਿਨ੍ਹਾਂ ਦਾ ਉਦੇਸ਼ ਅਕਸਰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਹੁੰਦਾ ਹੈ।