ਸਫਾਈ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਸਫਾਈ ਕਾਮਿਆਂ ਦੀ ਅਣਮਿੱਥੇ ਸਮੇ ਲਈ ਹੜਤਾਲ ਸ਼ੁਰੂ
Publish Date: Wed, 06 May 2026 06:10 PM (IST)
Updated Date: Wed, 06 May 2026 06:11 PM (IST)

- ਕਰਮਚਾਰੀਆਂ ਦੇ ਹੜਤਾਲ ’ਤੇ ਜਾਣ ਨਾਲ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੇ ਕਰਮਚਾਰੀ ਬੁੱਧਵਾਰ ਤੋਂ ਅਣਮਿੱਥੇ ਸਮੇ ਲਈ ਹੜਤਾਲ ’ਤੇ ਚਲੇ ਗਏ। ਹੜਤਾਲ ਦੇ ਕਾਰਨ ਇਕ ਵੀ ਕਰਮਚਾਰੀ ਕੰਮ ’ਤੇ ਨਹੀਂ ਗਿਆ, ਜਿਸ ਨਾਲ ਗਲੀਆਂ, ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਸਫਾਈ ਦੀ ਹਾਲਤ ਬਹੁਤ ਖਰਾਬ ਹੋ ਗਈ ਹੈ ਅਤੇ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ। ਅਜਿਹੇ ਹਾਲਾਤਾਂ ਵਿੱਚ ਸ਼ਹਿਰ ਵਿੱਚ ਰੋਜ਼ਾਨਾ ਲਗਭਗ ਤੀਹ ਟਨ ਕੂੜਾ ਸੜਕਾਂ ’ਤੇ ਇਕੱਠਾ ਹੁੰਦਾ ਹੈ। ਜੇਕਰ ਇਹ ਨਹੀਂ ਚੁੱਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਮੁਤਾਬਿਕ ਮੰਗਲਵਾਰ ਨੂੰ ਹੜਤਾਲ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ ਅਤੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਬੁੱਧਵਾਰ ਨੂੰ ਨਗਰ ਕੌਂਸਲ ਦਫ਼ਤਰ ਵਿੱਚ ਲਾਏ ਧਰਨੇ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ ਨੇ ਕਿਹਾ ਕਿ ਮਿਊਂਸਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਯੂਨੀਅਨ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੀ ਹੈ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਜਬੂਰੀ ਵਿੱਚ ਉਨ੍ਹਾਂ ਨੂੰ ਵਾਰ-ਵਾਰ ਹੜਤਾਲ ਅਤੇ ਪ੍ਰਦਰਸ਼ਨ ਕਰਨੇ ਪੈਂਦੇ ਹਨ। ਪੰਜਾਬ ਸਰਕਾਰ ਦੇ ਰਵੱਈਏ ਕਾਰਨ ਕਰਮਚਾਰੀਆਂ ਵਿੱਚ ਰੋਸ ਪੈਦਾ ਹੋ ਗਿਆ ਹੈ। ਯੂਨੀਅਨ ਦੀ ਮੁੱਖ ਮੰਗ ਹੈ ਕਿ ਕੱਚੇ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਹੜਤਾਲ ਜਾਰੀ ਰੱਖੀ ਜਾਵੇਗੀ।