ਕੱਚੇ ਸਫ਼ਾਈ ਕਾਮਿਆਂ ਨੇ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ
ਕੱਚੇ ਸਫਾਈ ਕਾਮਿਆਂ ਨੇ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ
Publish Date: Wed, 06 May 2026 06:13 PM (IST)
Updated Date: Wed, 06 May 2026 06:14 PM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਕੱਚੇ ਸਫ਼ਾਈ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਮਿਆਂ ਨੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਜਗਮੇਲ ਸਿੰਘ ਬਿੱਟੂ ਨੇ ਕਿਹਾ ਕਿ ਕੱਚੇ ਸਫ਼ਾਈ ਕਾਮੇ ਲੰਬੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਜਦਕਿ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਸੇਵਾ ਪੱਕੇ ਕਰਮਚਾਰੀਆਂ ਦੇ ਬਰਾਬਰ ਹੈ। ਇਸ ਲਈ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਸਿਧਾਂਤ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੋਹਰਾਇਆ ਕਿ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਾਮਿਆਂ ਨੂੰ ਪੱਕਾ ਕਰਨ ਦੀ ਸ਼ਰਤ ਨੂੰ ਵੀ ਲਾਗੂ ਕੀਤਾ ਜਾਵੇ। ਕਾਮਿਆਂ ਨੇ ਦੱਸਿਆ ਕਿ ਅਕਸਰ ਉਨ੍ਹਾਂ ਨੂੰ ਸਮੇਂ ’ਤੇ ਤਨਖਾਹ ਨਹੀਂ ਮਿਲਦੀ ਅਤੇ ਨਾ ਹੀ ਹੋਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਉਹਨਾਂ ਨੂੰ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਪ੍ਰਧਾਨ ਜਗਮੇਲ ਸਿੰਘ ਬਿੱਟੂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਇਸ ਮੌਕੇ ਅਜੀਤ ਸਿੰਘ, ਸਲਾਹਕਾਰ ਗੁਰਮੇਲ ਸਿੰਘ, ਸਰਪ੍ਰਸਤ ਰਾਮ ਸਰੂਪ, ਜਸਵੀਰ ਸਿੰਘ, ਚਰਨਜੀਤ ਕੌਰ, ਗੀਤਾ, ਕੁਲਵਿੰਦਰ ਕੌਰ, ਹਰੀ ਕਿਰਸੀ, ਸਮਸ਼ੇਰ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ। ਓਧਰ ਨਗਰ ਕੌਂਸਲ ਦੇ ਅਧਿਕਾਰੀ ਐੱਸਆਈ ਬੌਬੀ ਕੁਮਾਰ ਨੇ ਦੱਸਿਆ ਕਿ ਇਹ ਧਰਨਾ ਸੂਬਾ ਪੱਧਰ ’ਤੇ ਲਾਇਆ ਗਿਆ ਹੈ। ਇਨ੍ਹਾਂ ਦੀਆਂ ਮੰਗਾਂ ਸਰਕਾਰ ਪੱਧਰੀ ਹਨ, ਜਿਸ ਦਾ ਹੱਲ ਸਰਕਾਰ ਹੀ ਕਰ ਸਕਦੀ ਹੈ।