ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਸਫ਼ਾਈ ਸੇਵਕਾਂ ਦੀ ਹੜ੍ਹਤਾਲ ਤੀਸਰੇ ਦਿਨ ਵੀ ਜਾਰੀ
Publish Date: Fri, 08 May 2026 06:07 PM (IST)
Updated Date: Sat, 09 May 2026 04:09 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਤਪਾ ਮਿਊਂਸੀਪਲ ਸਫ਼ਾਈ ਸੇਵਕ ਯੂਨੀਅਨ ਤੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਹੜਤਾਲ ਤੀਜੇ ਦਿਨ ’ਚ ਦਾਖ਼ਲ ਹੋ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਾ ਦੇਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਤੀਜੇ ਦਿਨ ਵੀ ਸਫ਼ਾਈ ਸੇਵਕਾਂ ਨੇ ਕੰਮ-ਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਤਪਾ ਪ੍ਰਧਾਨ ਰਾਜ ਕੁਮਾਰ ਰਫੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੜਤਾਲ ਦੇ ਤੀਸਰੇ ਦਿਨ ਵੀ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਬੀਤੀ 6 ਮਈ ਨੂੰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਸੀ, ਪਰ ਹੁਣ ਤੱਕ ਕੋਈ ਸਕਾਰਾਤਮਕ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਗੱਲਾਂ ਨਾਲ ਡੰਗ ਟਪਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਸੜਕਾਂ ਤੇ ਉਤਰਨ ਲਈ ਮਜਬੂਰ ਹੋਏ ਹਨ। ਆਗੂਆਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸ਼ਹਿਰ ’ਚ ਗੰਦਗੀ ਦੇ ਢੇਰ ਲੱਗਦੇ ਹਨ ਜਾਂ ਜਨਤਾ ਨੂੰ ਕੋਈ ਦਿੱਕਤ ਆਉਂਦੀ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦੇ ਤੇ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਹੜਤਾਲ ਜਾਰੀ ਰਹੇਗੀ।