ਦਿਨ ਦਿਹਾੜੇ ਨੌਜਵਾਨ ’ਤੇ ਚਲਾਈਆਂ ਗੋਲੀਆਂ,ਨੌਜਵਾਨ ਗੰਭੀਰ ਜ਼ਖਮੀ, ਪੁਲਿਸ ਜਾਂਚ ’ਚ ਜੁਟੀ
ਸਹਿਰ ਅੰਦਰ ਦਿਨ ਦਿਹਾੜੇ ਇੱਕ ਨੌਜਵਾਨ ’ਤੇ ਅਣਪਛਾਤਿਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਥਾਨਕ ਕੱਚਾ ਕਾਲਜ ਰੋਡ 'ਤੇ ਉਸ ਸਮੇਂ ਲੋਕਾਂ ’ਚ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇੱਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
Publish Date: Fri, 15 May 2026 08:42 PM (IST)
Updated Date: Fri, 15 May 2026 08:46 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਹਿਰ ਅੰਦਰ ਦਿਨ ਦਿਹਾੜੇ ਇੱਕ ਨੌਜਵਾਨ ’ਤੇ ਅਣਪਛਾਤਿਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਥਾਨਕ ਕੱਚਾ ਕਾਲਜ ਰੋਡ 'ਤੇ ਉਸ ਸਮੇਂ ਲੋਕਾਂ ’ਚ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇੱਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸੇਖਾ ਰੋਡ ਦਾ ਰਹਿਣ ਵਾਲਾ ਰੋਹਨ ਕੁਮਾਰ ਕੱਚਾ ਕਾਲਜ ਰੋਡ 'ਤੇ ਸਥਿਤ ਇੱਕ ਗਲੀ ਦੇ ਕੋਲ ਮੌਜੂਦ ਸੀ ਤਾਂ 3 ਤੋਂ 4 ਅਣਪਛਾਤੇ ਵਿਅਕਤੀਆਂ ਨੇ ਉਸਨੂੰ ਘੇਰ ਲਿਆ। ਹਮਲਾਵਰਾਂ ਨੇ ਅਚਾਨਕ ਰੋਹਨ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਰੋਹਨ ਦੀ ਪਿੱਠ ’ਚ ਲੱਗੀ, ਜਿਸ ਕਾਰਨ ਉਹ ਮੌਕੇ 'ਤੇ ਹੀ ਡਿੱਗ ਪਿਆ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਇਲਾਕੇ ’ਚ ਦਹਿਸ਼ਤ ਫੈਲ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਰੋਹਨ ਕੁਮਾਰ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਇੱਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਵਨ ਦੇ ਮੁੱਖ ਅਫਸਰ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ ਸਾਡੀ ਟੀਮ ਹਮਲਾਵਰਾਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਪੀੜਤ ਰੋਹਨ ਕੁਮਾਰ ਦਾ ਬਿਆਨ ਦਰਜ ਕੀਤਾ ਜਾ ਰਿਹਾ ਹੈ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।