ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ ਕੀਤਾ
Publish Date: Wed, 27 May 2026 04:36 PM (IST)
Updated Date: Wed, 27 May 2026 04:37 PM (IST)

- ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ : ਡੀਸੀ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੀਐੱਲਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀਐੱਲਓਜ਼, 107 ਸੁਪਰਵਾਈਜ਼ਰ, 05 ਈਆਰਓਜ਼ ਅਤੇ 10 ਏਈਆਰਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀਐੱਲਓ ਨੂੰ ਔਸਤ 912 ਵੋਟਰਾਂ ਦੀ ਐੱਸਆਈਆਰ ਕਰਨੀ ਹੋਵੇਗੀ। ਉਨ੍ਹਾਂ ਨੂੰ ਐੱਸਆਈਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ ਤਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੁੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਪ੍ਰੀ ਐੱਸਆਈਆਰ ਮੈਪਿੰਗ ਤਹਿਤ ਸੰਗਰੂਰ ਜ਼ਿਲ੍ਹੇ ਦੇ 9,17,330 ਵੋਟਰਾਂ ਵਿੱਚੋਂ 8,01,395 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 87.36 ਫ਼ੀਸਦੀ ਬਣਦੀ ਹੈ। ਦਿਹਾਤੀ ਖੇਤਰਾਂ ਵਿੱਚ 91.74 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 76.39 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ। ਇਸ ਮੌਕੇ ਸੁਖਚੈਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗਗਨਦੀਪ ਸਿੰਘ, ਐੱਸਡੀਐੱਮ, ਸੁਨਾਮ, ਸਤੀਸ਼ ਚੰਦਰ, ਐੱਸਡੀਐੱਮ, ਸੰਗਰੂਰ, ਰਾਜਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਅਤੇ ਪਰਮਜੀਤ ਕੌਰ, ਚੋਣ ਤਹਿਸੀਲਦਾਰ ਹਾਜ਼ਰ ਸਨ।