ਖੇਤੀਬਾੜੀ ਵਿਭਾਗ ਦੀ ਸਖ਼ਤੀ: ਫੀਡ ਫੈਕਟਰੀਆਂ ਤੇ ਪਲਾਈਵੁੱਡ ਉਦਯੋਗਾਂ 'ਚ ਛਾਪੇਮਾਰੀ, ਖਾਦ ਦੀ ਦੁਰਵਰਤੋਂ ਰੋਕਣ ਲਈ ਦਿੱਤੀਆਂ ਹਦਾਇਤਾਂ
ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ’ਚ ਖਾਦ ਡੀਲਰਾਂ, ਫੀਡ ਫੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ’ਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ। ਇਸ ਟੀਮ ’ਚ ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ. ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ।
Publish Date: Wed, 15 Apr 2026 03:07 PM (IST)
Updated Date: Wed, 15 Apr 2026 03:08 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ’ਚ ਖਾਦ ਡੀਲਰਾਂ, ਫੀਡ ਫੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ’ਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ। ਇਸ ਟੀਮ ’ਚ ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ. ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ।
ਇਸ ਮੌਕੇ ਡਾ. ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ’ਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਵੇਖਣ ’ਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ’ਚ ਸੰਭਵ ਹੈ, ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ’ਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ’ਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਬਰਨਾਲਾ ’ਚ ਅੱਜ ਚੈਕਿੰਗ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਅਰੁਣ ਕੁਮਾਰ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ’ਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ ਕੀਤਾ ਜਾਵੇ।