2 ਨਸ਼ਾ ਤਸਕਰ ਕਾਬੂ, 220 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
ਦੋ ਨਸ਼ਾ ਤਸਕਰ ਕਾਬੂ, 220 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Sun, 03 May 2026 04:02 PM (IST)
Updated Date: Mon, 04 May 2026 04:03 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ 220 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਸਬ ਡਿਵੀਜ਼ਨ ਮਹਿਲਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਓਮ ਪ੍ਰਕਾਸ਼ ਗਾਸੀ ਪੁੱਤਰ ਸਿਕੰਦਰ ਰਾਮ ਵਾਸੀ ਟੱਲੇਵਾਲ ਤੇ ਰਵੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੋਤਨਾ ਵਜੋਂ ਹੋਈ ਹੈ। ਦੋਸ਼ੀਆਂ ਖ਼ਿਲਾਫ਼ ਥਾਣਾ ਟੱਲੇਵਾਲ ਵਿੱਚ ਮੁਕੱਦਮਾ ਨੰਬਰ 37,ਅਧੀਨ ਧਾਰਾ 22/61/85 ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਪਾਸੋਂ 220 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਡੂੰਘੀ ਤਫ਼ਤੀਸ਼ ਜਾਰੀ ਹੈ। ਤਫ਼ਤੀਸ਼ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਛੱਡਣਾ ਚਾਹੁੰਦੇ ਨੌਜਵਾਨਾਂ ਦੀ ਮਦਦ ਲਈ ਪੁਲਿਸ ਹਮੇਸ਼ਾਂ ਤਿਆਰ ਹੈ।