ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਸਬੰਧੀ ਕੀਤਾ ਜਾਗਰੂਕ
ਖਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Publish Date: Wed, 20 May 2026 04:12 PM (IST)
Updated Date: Wed, 20 May 2026 04:13 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਦਰਾਜ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ’ਚ ਪਿੰਡ ਦੇ ਸਰਪੰਚ, ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ, ਅਵਤਾਰ ਸਿੰਘ ਅਤੇ ਕਾਫ਼ੀ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਆਧਾਰ ’ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਘੱਟ ਸਮੇਂ ’ਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫਸਲ ਦੀ ਸਮੇਂ ਸਿਰ ਬਿਜਾਈ ’ਚ ਵੀ ਮੱਦਦਗਾਰ ਸਾਬਤ ਹੁੰਦੀਆਂ ਹਨ। ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।