ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਆਰੰਭ ਹੋਏ 21 ਸ੍ਰੀ ਅਖੰਡ ਪਾਠ ਸਾਹਿਬ
ਦੀਵਾਨ ਹਾਲ ’ਚ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ ਭਲਕੇ 27 ਜਨਵਰੀ ਨੂੰ ਸਵੇਰੇ 11 ਵਜੇ ਪਾਏ ਜਾਣਗੇ।
Publish Date: Sun, 25 Jan 2026 08:05 PM (IST)
Updated Date: Mon, 26 Jan 2026 04:16 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਭਲਕੇ 27 ਜਨਵਰੀ ਨੂੰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਨੌਜਵਾਨ ਸਭਾ ਵੱਲੋਂ ਸਮਾਗਮ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜਦੋਂਕਿ ਗੁਰਦੁਆਰਾ ਸਾਹਿਬ ਵਿਚ ਸ਼ਰਧਾਲੂਆਂ ਵੱਲੋਂ ਸ਼ੁਕਰਵਾਰ ਨੂੰ ਆਰੰਭ ਕਰਵਾਏ ਗਏ ਅੱਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਐਤਵਾਰ ਨੂੰ ਪਾਏ ਗਏ। ਜਿਸ ਦੇ ਉਪਰੰਤ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਇਸ ਪਵਿੱਤਰ ਅਸਥਾਨ ’ਤੇ ਹਰ ਸਾਲ 27 ਜਨਵਰੀ ਨੂੰ ਬਾਬਾ ਜੀ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ ਅਤੇ ਸ਼ਰਧਾਲੂਆਂ ਵੱਲੋਂ ਇਥੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ। ਜਿਸਦੇ ਤਹਿਤ ਸ਼ੁੱਕਰਵਾਰ ਨੂੰ 8 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ। ਜਿਨ੍ਹਾਂ ਦੇ ਭੋਗ ਅੱਜ ਐਤਵਾਰ ਨੂੰ ਪਾਏ ਗਏ ਹਨ। ਜਦੋਂਕਿ ਦੀਵਾਨ ਹਾਲ ’ਚ 21 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ ਭਲਕੇ 27 ਜਨਵਰੀ ਨੂੰ ਸਵੇਰੇ 11 ਵਜੇ ਪਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸ਼ਾਮ ਸਾਢੇ 3 ਵਜੇ ਤੋਂ ਰਾਤ 9 ਵਜੇ ਤੱਕ ਮਹਾਨ ਕੀਰਤਨ ਤੇ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿਚ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤੋਂ ਬੀਬੀਆਂ ਦਾ ਕੀਰਤਨੀ ਜਥਾ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ. ਭਾਈ ਹੀਰਾ ਸਿੰਘ ਕੰਗ ਹਜੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਕੀਰਤਨੀ ਜਥਾ, ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਅਤੇ ਭਾਈ ਸਰਬਜੀਤ ਸਿੰਘ ਪਟਨਾ ਵਾਲਿਆਂ ਦਾ ਕੀਰਤਨੀ ਜਥਾ ਸੰਗਤ ਨੂੰ ਕਥਾ ਵਿਚਾਰ ਤੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਉਨ੍ਹਾਂ ਦੱਸਿਆ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਸਮਾਗਮ ਵਿਚ ਹਾਜ਼ਰੀ ਭਰਨ।