ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫਤਾਵਾਰੀ ਚੁਪਹਿਰਾ ਸਮਾਗਮ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫਤਾਵਾਰੀ ਚੁਪਹਿਰਾ ਸਮਾਗਮ
Publish Date: Sun, 23 Nov 2025 07:28 PM (IST)
Updated Date: Sun, 23 Nov 2025 07:31 PM (IST)

-ਹਰ ਹਫ਼ਤੇ ਚੁਪਹਿਰਾ ਸਮਾਗਮ ’ਚ ਜੁੜਦੀ ਹੈ ਹਜ਼ਾਰਾਂ ਦੀ ਗਿਣਤੀ ’ਚ ਸੰਗਤ -ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੀ ਆਮਦ ’ਤੇ ਕੀਤੇ ਜਾਂਦੇ ਹਨ ਪੁਖ਼ਤਾ ਪ੍ਰਬੰਧ ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫਤੇ ਇਥੇ ਵੱਡੀ ਗਿਣਤੀ ’ਚ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਹੋਰ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ਵਿਚ ਹਾਜ਼ਰੀ ਭਰਨ ਲਈ ਪਹੁੰਚਣ ਲੱਗੇ ਹਨ, ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ਵਿਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਅਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਠੰਢ ਹੋਵੇ ਜਾਂ ਗਰਮੀ, ਸੰਗਤ ਸਮਾਗਮ ਦੌਰਾਨ ਹਾਜ਼ਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ’ਚ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। -- ਸੰਗਤ ਦੇ ਸਹਿਯੋਗ ਨਾਲ ਗੁਰੂਘਰ ਦਾ ਹੋ ਰਿਹੈ ਵਿਸਥਾਰਰ : ਪੱਡਾ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਚੁਪਹਿਰਾ ਸਮਾਗਮ ’ਚ ਸੰਗਤ ਦੀ ਵੱਡੀ ਗਿਣਤੀ ’ਚ ਹੋਣ ਵਾਲੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਪਾਰਕਿੰਗ ਦੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਠੰਢ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਹੋਰ ਪ੍ਰਬੰਧਾਂ ਨੂੰ ਪੁਖਤਾ ਢੰਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂਘਰ ਦੇ ਵਿਸਥਾਰ ਤੇ ਵਿਕਾਸ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲੀ ਕੀਤੀ ਕਿ ਚੱਲ ਰਹੀਆਂ ਸੇਵਾਵਾਂ ’ਚ ਵੱਧ ਚੜ੍ਹ ਕੇ ਸਹਿਯੋਗ ਦੇਣ।