ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ
Publish Date: Fri, 02 Jan 2026 05:07 PM (IST)
Updated Date: Sat, 03 Jan 2026 04:05 AM (IST)

371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ : ਵਿਧਾਇਕ ਸਰਵਨ ਸਿੰਘ ਧੁੰਨ 2.79 ਲੱਖ ਤੋਂ ਵੱਧ ਦਿਵਿਆਂਗ ਲਾਭਪਾਤਰੀਆਂ ਤੱਕ ਸਰਕਾਰੀ ਸਹਾਇਤਾ, ਸਮੂਹਿਕ ਵਿਕਾਸ ਵੱਲ ਮਜ਼ਬੂਤ ਕਦਮ ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹ, 495 ਕਰੋੜ ਰੁਪਏ ਦਾ ਬਜਟ ਉਪਬੰਧ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ ਦਿਵਿਆਂਗਜਨਾਂ ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ। ਵਿਧਾਇਕ ਸਰਵਨ ਸਿੰਘ ਧੁੰਨ ਨੇ ਸਪੱਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ, ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਹੀ ਹੱਕਦਾਰ ਤੱਕ ਸਹਾਇਤਾ ਪਹੁੰਚਾ ਕੇ, ਉਨ੍ਹਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਆਪਣੇ ਜੀਵਨ ਦੀਆਂ ਬੁਨਿਆਦੀ ਲੋੜਾਂ ਨੂੰ ਸਨਮਾਨ ਨਾਲ ਪੂਰਾ ਕਰ ਸਕਣ। ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਮਾਨ ਸਰਕਾਰ ਦਿਵਿਆਂਗਜਨਾਂ ਨੂੰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਰੱਖਣਾ ਚਾਹੁੰਦੀ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਜੀਊਣ ਦੇ ਪੂਰੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਵਚਨਬੱਧ ਹੈ।