ਚੇਅਰਮੈਨ ਗੋਲਡੀ ਨੂੰ ਮਿਲੇ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ
ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਗੋਲਡੀ ਨਾਲ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਨੇ ਕੀਤੀ ਵਿਸ਼ੇਸ਼ ਮੀਟਿੰਗ
Publish Date: Fri, 02 Jan 2026 05:28 PM (IST)
Updated Date: Sat, 03 Jan 2026 04:06 AM (IST)

ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ, ਵਲਟੋਹਾ : ਪੰਜਾਬ ਯੂਥ ਵਿੰਗ ਦੇ ਸਟੇਟ ਜੁਆਇੰਟ ਸੈਕਟਰੀ ਅਤੇ ਪਿੰਡ ਸਾਂਡਪੁਰਾ ਤੋਂ ਸਰਪੰਚ ਪਲਵਿੰਦਰ ਸਿੰਘ ਸਿੱਧੂ ਵਲੋਂ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਦੀ ਭਲਾਈ, ਖੇਡਾਂ ਦੇ ਵਿਕਾਸ, ਪਿੰਡਾਂ ਵਿਚ ਯੂਥ ਕਲੱਬਾਂ ਦੀ ਭੂਮਿਕਾ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਸਰਪੰਚ ਪਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਗਾਂਹਵਧੂ ਅਤੇ ਲੋਕ-ਹਿੱਤਕਾਰੀ ਨੀਤੀਆਂ ਕਾਰਨ ਅੱਜ ਯੂਥ ਕਲੱਬ ਪਿੰਡਾਂ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਪਿੰਡਾਂ ਦੇ ਅੰਦਰ ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਖੇਡ ਮੈਦਾਨਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਪਲਵਿੰਦਰ ਸਿੰਘ ਸਿੱਧੂ ਨੇ ਇਹ ਵੀ ਦੱਸਿਆ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ, ਜੋ ਪਿਛਲੇ ਸਮੇਂ ਦੌਰਾਨ ਕਾਫੀ ਪੱਛੜਿਆ ਹੋਇਆ ਮੰਨਿਆ ਜਾਂਦਾ ਸੀ, ਉਥੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਖੇਡ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਮਕਰਨ ਹਲਕੇ ਵਿਚ ਪਹਿਲਾਂ ਹੀ ਲਗਭਗ 40 ਨਵੇਂ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਖੇਡ ਗਰਾਊਂਡ ਬਣਾਏ ਜਾਣਗੇ, ਤਾਂ ਜੋ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਲਈ ਪੂਰੇ ਮੌਕੇ ਪ੍ਰਦਾਨ ਹੋ ਸਕਣ। ਸਰਪੰਚ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਵੱਲ ਪ੍ਰੇਰਿਤ ਕਰਨਾ ਹੈ। ਇਸ ਲਈ ਪਿੰਡ ਪੱਧਰ ‘ਤੇ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਬੀਮੇ ਵਾਲੀ ਸਿਹਤ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ। ਅੱਜ ਪੰਜਾਬ ਦਾ ਹਰੇਕ ਪਿੰਡ ਹੌਲੀ-ਹੌਲੀ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਿਹਾ ਹੈ ਅਤੇ ਵਿਕਾਸ ਦੇ ਕੰਮ ਹਰ ਖੇਤਰ ਵਿਚ ਤੇਜ਼ੀ ਨਾਲ ਚੱਲ ਰਹੇ ਹਨ। ਸਰਪੰਚ ਪਲਵਿੰਦਰ ਸਿੰਘ ਸਿੱਧੂ ਨੇ ਅਖੀਰ ਵਿਚ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿੱਤਕਾਰੀ ਯੋਜਨਾਵਾਂ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਖੇਤਰ ਵਿਚ ਵਿਕਾਸ ਜੋਰਾਂ ’ਤੇ ਹੈ ਅਤੇ ਇਸ ਕਾਰਨ ਪੰਜਾਬ ਦਾ ਯੂਥ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ।