ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਦੀ ਕੀਤੀ ਨਿਖੇਧੀ
ਫ਼ਰਦ ਕੇਂਦਰਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਦੀ ਮੋਰਚੇ ਨੇ ਕੀਤੀ ਨਿਖੇਧੀ
Publish Date: Thu, 08 Jan 2026 05:19 PM (IST)
Updated Date: Fri, 09 Jan 2026 04:06 AM (IST)

ਤਨਖ਼ਾਹਾਂ ਜਲਦ ਜਾਰੀ ਨਾ ਕਰਨ ’ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ, ਬਲਿਹਾਰ ਸਿੰਘ ਕਟਾਰੀਆ, ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ, ਰਮਨਦੀਪ ਸਿੰਘ, ਪਰਮਜੀਤ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਤੇ ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਦੋਖੀ ਬਣੀ ਹੋਈ ਹੈ। ਪਿਛਲੇ ਲੰਬੇ ਅਰਸੇ ਤੋਂ ਫ਼ਰਦ ਕੇਂਦਰਾਂ ’ਚ ਲਗਾਤਾਰ ਨਿਗੂਣੀਆਂ ਤੇ ਠੇਕਾ ਪ੍ਰਣਾਲੀ ਤਹਿਤ ਸੇਵਾਵਾਂ ਦੇ ਰਹੇ ਕੰਪਿਊਟਰ ਆਪ੍ਰੇਟਰ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਭਾਗ ’ਚ ਪੱਕਾ ਤਾਂ ਕੀ ਕਰਨਾ ਸੀ ਸਗੋਂ ਉਕਤ ਠੇਕਾ ਮੁਲਾਜ਼ਮਾਂ ਮਿਲ ਰਹੀਆਂ ਨਿਗੂਣੀਆਂ ਤਨਖਾਹਾਂ ਨੂੰ ਰੋਕ ਕੇ ਉਨ੍ਹਾਂ ਨੂੰ ਭੁੱਖੇ ਮਰਨ ਲਈ ਮਜਬੂਰ ਕਰ ਦਿੱਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸੂਬਾ ਸਰਕਾਰ ਦੇ ਇਸ ਮੁਲਾਜ਼ਮ-ਦੋਖੀ ਰਵੱਈਏ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕਰਦਾ ਹੈ ਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਫ਼ਰਦ ਕੇਂਦਰਾਂ ਦੇ ਕੰਪਿਊਟਰ ਆਪ੍ਰੇਟਰ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ, ਜੇਕਰ ਪੰਜਾਬ ਸਰਕਾਰ ਵੱਲੋਂ ਫ਼ਰਦ ਕੇਂਦਰਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।