ਪੰਜਾਬੀ ਭਾਸ਼ਾ ’ਚ ਕੰਮਕਾਜ ਕਰਨ ਸਬੰਧੀ ਹਦਾਇਤਾਂ ਜਾਰੀ
ਸਾਰੇ ਵਿਭਾਗਾਂ ਦੀਆਂ ਵੈਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ’ਚ ਵੀ ਤਿਆਰ ਹੋਣ
Publish Date: Thu, 08 Jan 2026 06:46 PM (IST)
Updated Date: Fri, 09 Jan 2026 04:09 AM (IST)

ਸਾਰੇ ਵਿਭਾਗਾਂ ਦੀਆਂ ਵੈੱਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ’ਚ ਵੀ ਤਿਆਰ ਹੋਣ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਸਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਜਾਰੀ ਹੋਏ ਹਨ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ-ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ‘ਚ ਸਮੁੱਚਾ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ’ਚ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਮੂਹ ਵਿਭਾਗਾਂ ਦੀਆਂ ਵੈੱਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਭਾਵ ਦੋਵੇਂ ਭਾਸ਼ਾਵਾਂ ’ਚ ਤਿਆਰ ਕੀਤੀਆਂ ਜਾਣ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਹੈ ਤੇ ਇਹ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸਬੰਧਤ ਹੁਕਮਾਂ ਅਧੀਨ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ’ਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਤੇ ਸਾਰੇ ਦਫ਼ਤਰਾਂ ਦੇ ਸਾਈਨ ਬੋਰਡ ਤੇ ਸੜਕਾਂ ਕਿਨਾਰੇ ਲੱਗੇ ਬੋਰਡਾਂ ’ਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਵੀ ਠੀਕ ਹੋਣ, ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ।