ਆਤਿਸ਼ੀ ਦੀ ਅਪਮਾਨਜਨਕ ਟਿੱਪਣੀ ਨਿੰਦਣਯੋਗ : ਬ੍ਰਹਮਪੁਰਾ
ਆਤਿਸ਼ੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਨਿੰਦਣਯੋਗ : ਬ੍ਰਹਮਪੁਰਾ
Publish Date: Thu, 08 Jan 2026 07:05 PM (IST)
Updated Date: Fri, 09 Jan 2026 04:09 AM (IST)

ਕਿਹਾ- ਸਿੱਖ ਭਾਵਨਾਵਾਂ ਨਾਲ਼ ਖੇਡਣ ਵਾਲੀ ਆਮ ਆਦਮੀ ਪਾਰਟੀ ਦੀ ਘਟੀਆ ਸੋਚ ਬੇਨਕਾਬ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਬਿਆਨ ਨੂੰ ’ਆਪ’ ਆਗੂਆਂ ਦੀ ਘਟੀਆ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ। ਬ੍ਰਹਮਪੁਰਾ ਨੇ ਕਿਹਾ ਕਿ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਸਮਾਜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਯਾਦ ਦਿਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੀ ਧਰਤੀ ’ਤੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਪਰ ਅੱਜ ਉਸੇ ਦਿੱਲੀ ਦੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣਾ ਬੇਹੱਦ ਮੰਦਭਾਗਾ ਹੈ। ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਬੀਐੱਨਐੱਸ ਦੀ ਧਾਰਾ 299 ਅਧੀਨ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੇ ਸਰਬਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਦਿੱਲੀ ਤੋਂ ’ਆਪ’ ਆਗੂ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਬਾਰੇ ਗ਼ਲਤ ਤੇ ਅਪਮਾਨਜਨਕ ਬਿਆਨਬਾਜ਼ੀ ਕਰ ਰਹੇ ਹਨ। ਇਸ ਸਭ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪੀ ਇਹ ਸਾਫ਼ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਵੋਟਾਂ ਦੀ ਖਾਤਰ ਧਾਰਮਿਕ ਭਾਵਨਾਵਾਂ ਨਾਲ਼ ਖੁੱਲ੍ਹੇਆਮ ਖੇਡ ਰਹੀ ਹੈ।