ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਸੁਰੱਖਿਆ ਕਵਰ : ਹਰਮੀਤ ਸੰਧੂ
ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਸੁਰੱਖਿਆ ਕਵਰ- ਹਰਮੀਤ ਸੰਧੂ
Publish Date: Thu, 08 Jan 2026 07:58 PM (IST)
Updated Date: Fri, 09 Jan 2026 04:10 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜੋ ਹਰੇਕ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਵੇਗਾ, ਜਦੋਂਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ’ਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ, ਜਿਸ ਕਰ ਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਜਾਂਦਾ ਸੀ। ਇਹ ਪ੍ਰਗਟਾਵਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਸੰਧੂ ਨੇ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ’ਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ, ਕਿਉਂਕਿ ਇਲਾਜ ਮਹਿੰਗਾ ਹੋਣ ਕਰ ਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਤੇ ਮਾਨ ਸਰਕਾਰ ਇਹ ਫ਼ਰਜ਼ ਬਾਖੂਬੀ ਨਿਭਾਅ ਰਹੀ ਹੈ। ਹਰਮੀਤ ਸਿੰਘ ਨੇ ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ’ਚ ਵੱਡਾ ਬਦਲਾਅ ਦੱਸਦਿਆਂ ਕਿਹਾ ਕਿ ਪੰਜਾਬ ’ਚ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ’ਚ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ’ਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ’ਚੋਂ ਹਟ ਕੇ ਆਏ ਹਨ। ਸੜਕ ਸੁਰੱਖਿਆ ਫੋਰਸ ਬਾਰੇ ਗੱਲ ਕਰਦਿਆਂ ਇਸ ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਸੰਧੂ ਨੇ ਕਿਹਾ ਕਿ ਇਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਐੱਸਐੱਸਐੱਫ ਦੇ ਬਣਨ ਨਾਲ ਮੌਤ ਦਰ ’ਚ 48 ਫ਼ੀਸਦੀ ਦੀ ਕਮੀ ਆਈ ਹੈ, ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿਚ ਵਿਸ਼ੇਸ਼ ਤੌਰ ’ਤੇ ਭਰਤੀ ਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ’ਚ ਔਰਤਾਂ ਵੀ ਸ਼ਾਮਲ ਹਨ ਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਸੜਕ ਸੁਰੱਖਿਆ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਨਗਰ ਕੌਂਸਲ ਤਰਨਤਾਰਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਤਰਨਤਾਰਨ ਹਲਕੇ ਦੀ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ, ਕੌਂਸਲਰ ਗੁਰਪ੍ਰੀਤ ਗੋਲਡੀ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।