ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੇ ਕੀਤਾ ਤਿੱਖਾ ਰੋਸ ਪ੍ਰਦਰਸ਼ਨ
ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਤਿੱਖਾ ਰੋਸ ਪ੍ਰਦਰਸ਼ਨ
Publish Date: Fri, 09 Jan 2026 05:14 PM (IST)
Updated Date: Sat, 10 Jan 2026 04:03 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਡਿੱਠਾ ਕਰ ਰਹੀ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਭਰ ’ਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਦੀ ਮੁਲਾਜ਼ਮ ਵਿਰੋਧੀ ਤੇ ਦੋਹਰੀ ਨੀਤੀ ਤੋਂ ਤੰਗ ਆ ਕੇ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੇ ਕਾਲੇ ਬਿੱਲੇ ਲਾ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਸੂਬਾ ਪੱਧਰੀ ਰੋਸ ’ਚ ਤਰਨਤਾਰਨ ਜ਼ਿਲ੍ਹਾ ਵੀ ਅੱਗੇ ਰਹਿਆ। ਰੋਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਤੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨਾਲ ਸੌਤੇਲਾ ਸਲੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜੋ ਮੁਲਾਜ਼ਮ ਦਿਨ-ਰਾਤ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਨੂੰ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਠੇਕੇਦਾਰੀ ਕੰਪਨੀ ਪ੍ਰਣਾਲੀ ਰਾਹੀਂ ਬੇਰਹਿਮੀ ਨਾਲ ਸ਼ੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕੰਪਨੀਆਂ ਵਲੋਂ ਮਹੀਨਿਆਂ ਤੱਕ ਤਨਖਾਹਾਂ ਰੋਕ ਕੇ ਆਪਰੇਟਰਾਂ ਨੂੰ ਮਾਨਸਿਕ ਤੇ ਆਰਥਿਕ ਤੌਰ ’ਤੇ ਤੋੜਿਆ ਜਾ ਰਿਹਾ ਹੈ. ਜਦੋਂ ਸੈਲਰੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਲਟਾ ਨੌਕਰੀ ਛੱਡਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਪਿਛਲੇ ਦਸੰਬਰ ਮਹੀਨੇ ਦੀ ਤਨਖਾਹ ਅਜੇ ਤੱਕ ਨਾ ਮਿਲਣ ਕਾਰਨ ਆਪਰੇਟਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਨੂੰ ਸਾਫ਼ ਸ਼ਬਦਾਂ ’ਚ ਚੇਤਾਵਨੀ ਦਿੰਦਿਆਂ ਕਿਹਾ ਕਿ 9 ਜਨਵਰੀ ਨੂੰ ਕਾਲੇ ਬਿੱਲੇ ਲਾ ਕੇ ਰੋਸ ਦਰਜ ਕਰਵਾਇਆ ਗਿਆ ਹੈ ਤੇ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ 12 ਜਨਵਰੀ ਨੂੰ ਪੰਜਾਬ ਭਰ ਦੇ ਫਰਦ ਕੇਂਦਰਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਤੇ ਕੰਪਨੀ ਪ੍ਰਬੰਧਨ ਦੀ ਹੋਵੇਗੀ।