ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
Publish Date: Fri, 09 Jan 2026 06:02 PM (IST)
Updated Date: Sat, 10 Jan 2026 04:04 AM (IST)

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ ਡੀਸੀ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ ਪੁਲਿਸ ਲਾਈਨ ਸਟੇਡੀਅਮ, ਤਰਨਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਹੁਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਡੀਸੀ ਨੇ ਦੱਸਿਆ ਕਿ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟਸ ਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ’ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਵਾਲੇ ਸਥਾਨ ਤੇ ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਹੁਣ ਤੋਂ ਹੀ ਤਿਆਰੀਆਂ ’ਚ ਜੁਟ ਜਾਣ ਲਈ ਕਿਹਾ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਡੀਡੀਪੀਓ ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।