ਸਰਕਾਰ ਪੰਜਾਬੀ ਦੇ ਵਿਕਾਸ, ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ : ਧੁੰਨ
ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ 'ਚ ਕੰਮ-ਕਾਜ ਕਰਨ ਸੰਬੰਧੀ ਹਿਦਾਇਤਾਂ ਜਾਰੀ ਕੀਤੀਆ
Publish Date: Fri, 09 Jan 2026 06:05 PM (IST)
Updated Date: Sat, 10 Jan 2026 04:06 AM (IST)

ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਚ ਕੰਮ-ਕਾਜ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਸਨ ਕਿ ਰਾਜ ਭਾਸ਼ਾ ਐਕਟ 1967 ਤੇ ਰਾਜ ਭਾਸ਼ਾ ਐਕਟ 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਵੀ ਜਾਰੀ ਹੋਏ ਹਨ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ-ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ’ਚ ਸਮੁੱਚਾ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ’ਚ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜ਼ਿੰਦ-ਜਾਨ ਹੈ ਤੇ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸਬੰਧਤ ਹੁਕਮਾਂ ਅਧੀਨ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ’ਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਤੇ ਸਾਰੇ ਦਫ਼ਤਰਾਂ ਦੇ ਸਾਈਨ ਬੋਰਡ ਤੇ ਸੜਕਾਂ ਕਿਨਾਰੇ ਲੱਗੇ ਬੋਰਡਾਂ ’ਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਵੀ ਠੀਕ ਹੋਣ, ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ। ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਜ਼ੁਬਾਨ ਦੇ ਵਿਕਾਸ, ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ।