ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
Publish Date: Fri, 16 Jan 2026 06:40 PM (IST)
Updated Date: Fri, 16 Jan 2026 06:43 PM (IST)
- ਪੈਦਲ ਯਾਤਰਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਧ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਪਿੰਡਾਂ ਮੰਨਣ, ਮਾਲੂਵਾਲਾ, ਮੂਸੇ ਕਲਾਂ, ਪੰਡੋਰੀ, ਤਖਤ ਮਲ, ਰਟੌਲ ਕਲਾਂ, ਮੀਆਂਪੁਰ, ਕੋਟ ਸਿਵਿਆ, ਗਹਿਰੀ ਅੱਡਾ ਅਤੇ ਤਰਨਤਾਰਨ ਸ਼ਹਿਰ ਦੇ ਵਾਰਡ ਨੰਬਰ 5, 7, 11 ਅਤੇ 25 ਵਿਖੇ ਵਿਸ਼ੇਸ਼ ਇਕੱਤਰਤਾ ਕਰ ਕੇ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਤੋਂ ਇਲਾਵਾ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਆਮ ਲੋਕਾਂ ਨੇ ਹਿੱਸਾ ਲਿਆ।
ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਰੋਜ਼ਾਨਾ ਹਰ ਵਿਧਾਨ ਸਭਾ ਹਲਕੇ ਦੇ ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿਚ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਜਾ ਰਿਹਾ ਹੈ। ਕੁਲਦੀਪ ਸਿੰਘ ਢਿਲੋਂ ਨੇ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਦੀਆਂ ਇਕੱਤਰਤਾਵਾਂ ਅਤੇ ਪੈਦਲ ਯਾਤਰਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ। ਇਸ ਮੌਕੇ ਬਲਾਕ ਕੋਆਰਡੀਨੇਟਰ ਰਾਮ ਸਿੰਘ ਛੀਨਾ, ਕਿਰਨਕਿਰਪਾਲ ਸਿੰਘ, ਬਲਜੀਤ ਸਿੰਘ ਖਹਿਰਾ, ਗੁਰਮੰਤ ਸਿੰਘ, ਕੁਲਵਿੰਦਰ ਸਿੰਘ ਪੰਨੂ ਤੋਂ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਆਦਿ ਹਾਜ਼ਰ ਸਨ।