ਕੈਬਨਿਟ ਮੰਤਰੀ ਭੁੱਲਰ ਨੇ ਜ਼ਿਲ੍ਹੇ ’ਚ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹੇ ’ਚ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
Publish Date: Fri, 23 Jan 2026 07:33 PM (IST)
Updated Date: Sat, 24 Jan 2026 04:16 AM (IST)

ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ : ਲਾਲਜੀਤ ਸਿੰਘ ਭੁੱਲਰ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਕ੍ਰਾਂਤੀ ਤਹਿਤ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਸੂਬਾ ਪੰਜਾਬ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫੈਸਲਾਕੁੰਨ ਬਦਲਾਅ ਹੈ। ਪਿੰਡ ਸਭਰਾ ਤੋਂ ਜ਼ਿਲ੍ਹਾ ਤਰਨਤਾਰਨ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿਚੋਂ ਇਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿਚ ਲੱਗਭੱਗ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿਚ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿਚ 2500 ਪਿੰਡ ਕਲੀਨਿਕ ਖੋਲ੍ਹੇ ਜਾਣਗੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨ੍ਹਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ। ਇਸੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਬਾਕੀ ਵਿਧਾਨ ਸਭਾ ਹਲਕਿਆਂ ਵਿਚ ਵੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੀ ਰਜਿਸ਼ਟ੍ਰੇਸ਼ਨ ਪ੍ਰੀਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਵਿਚ ਇਸ ਯੋਜਨਾਂ ਨੂੰ ਲੈ ਕੇ ਵੱਡਾ ਉਤਸ਼ਾਹ ਤੇ ਤਸੱਲੀ ਹੈ। --- ਸਰਕਾਰੀ ਹਸਪਤਾਲਾਂ ਲਈ 1100 ਡਾਕਟਰਾਂ ਦੀ ਭਰਤੀ ਕੀਤੀ ਕੈਬਨਿਟ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿਚ 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ---- 65 ਲੱਖ ਪਰਿਵਾਰਾਂ ਨੂੰ ਮਿਲੇਗਾ ਦਸ ਲੱਖ ਰੁਪਏ ਦੇ ਇਲਾਜ ਦਾ ਲਾਭ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬੀਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿਚ ਲੱਗਭੱਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਿਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀ ਰੱਖਿਆ ਗਿਆ। ---- 850 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਮੰਤਰੀ ਭੁੱਲਰ ਨੇ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ‘ਕੁਲ ਤਿੰਨ ਕਰੋੜ ਨਾਗਰਿਕਾਂ’ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਅੱਜ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨ੍ਹਾਂ ਵਿਚ ਹੋਰ ਹਸਪਤਾਲ ਸ਼ਾਮਿਲ ਕੀਤੇ ਜਾਣਗੇ। ---- ਇਨ੍ਹਾਂ ਬੀਮਾਰੀਆਂ ਦਾ ਹੋ ਸਕੇਗਾ ਇਲਾਜ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਵਿਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਿਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਲ ਹਨ।