ਮੰਤਰੀ ਭੁੱਲਰ ਨੇ ਘਰ-ਘਰ ਜਾ ਕੇ ਸਿਹਤ ਬੀਮਾ ਯੋਜਨਾ ਦੇ ਕਾਰਡ ਲਈ ਅਪਾਇੰਟਮੈਂਟ ਸਲਿੱਪਾਂ ਵੰਡੀਆਂ
ਮੰਤਰੀ ਭੁੱਲਰ ਨੇ ਪੱਟੀ ਦੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ
Publish Date: Fri, 30 Jan 2026 04:49 PM (IST)
Updated Date: Fri, 30 Jan 2026 04:52 PM (IST)

- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਗ਼ਰੀਬ ਪਰਿਵਾਰ ਵੀ ਨਿੱਜੀ ਹਸਪਤਾਲਾਂ ’ਚ ਕਰਵਾ ਸਕਣਗੇ, ਮੁਫ਼ਤ ਇਲਾਜ : ਭੁੱਲਰ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਜਾਰੀ ਹੈ। ਕੈਬਨਿਟ ਮੰਤਰੀ ਵੱਲੋਂ ਬੀਤੀ ਸ਼ਾਮ ਪੱਟੀ ਸ਼ਹਿਰ ਦੇ ਵਾਰਡ ਨੰਬਰ 8 ਅਤੇ ਹਲਕੇ ਦੇ ਪਿੰਡਾਂ ਸਭਰਾ, ਸਖੀਰਾ ਵਿਖੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ। ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗ਼ਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉਨਤ ਮੈਡੀਕਲ ਸ਼੍ਰੇਣੀਆਂ ਵਿਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ’ਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿਚ ਅਹਿਮ ਸਾਬਤ ਹੋਵੇਗਾ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀਏ, ਵਰਿੰਦਰਜੀਤ ਸਿੰਘ ਹੀਰਾ ਭੁੱਲਰ ਆਦਿ ਹਾਜ਼ਰ ਸਨ।