ਸਾਡੀਆਂ ਸਮੇਂ ਦੀਆਂ ਸਰਕਾਰਾਂ ਮੁੱਢਲੇ ਫ਼ਰਜ਼ਾਂ ਤੋਂ ਮੁਕਰੀਆਂ : ਜਾਮਾਰਾਏ, ਪੰਡੋਰੀ
ਸਾਡੀਆਂ ਸਮੇਂ ਦੀਆਂ ਸਰਕਾਰਾਂ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਮੁੱਢਲੇ ਫ਼ਰਜਾਂ ਤੋਂ ਮੁੱਕਰੀਆਂ- ਜਾਮਾਰਾਏ, ਪੰਡੋਰੀ
Publish Date: Fri, 30 Jan 2026 04:59 PM (IST)
Updated Date: Fri, 30 Jan 2026 05:01 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਾਡੀਆਂ ਸਮੇਂ ਦੀਆਂ ਸਰਕਾਰਾਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਮੁੱਢਲੇ ਫਰਜ਼ਾਂ ਤੋਂ ਮੁਕਰਦੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ ਨੇ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਇਨ੍ਹਾਂ ਬੁਨਿਆਦੀ ਮਸਲਿਆਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇ ਵਸੀਲੇ ਲੋਕਾਂ ਦੇ ਕੋਲੋਂ ਖੁਸਦੇ ਜਾ ਰਹੇ ਹਨ ਅਤੇ ਦੋਵੇਂ ਸਰਕਾਰਾਂ ਝੂਠੇ ਵਾਅਦਿਆਂ ਤੋਂ ਸਵਾਏ ਨੌਜਵਾਨਾਂ ਦੇ ਪੱਲੇ ਕੁਝ ਨਹੀਂ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਰੁਜ਼ਗਾਰ ਦੇ ਦਰਵਾਜ਼ੇ ਬੰਦ ਹੋ ਗਏ ਹਨ। ਸਰਕਾਰੀ ਅਤੇ ਅਰਧ ਸਰਕਾਰੀ ਮਹਿਕਮਿਆਂ ਅੰਦਰ ਲੱਖਾਂ ਪੋਸਟਾਂ ਖਾਲੀ ਪਈਆਂ ਹਨ, ਦੋਵੇਂ ਸਰਕਾਰਾਂ ਭਰਨ ਨੂੰ ਤਿਆਰ ਨਹੀਂ। ਜਿਸ ਕਾਰਨ ਬੇਰੁਜ਼ਗਾਰ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਅਤੇ ਨਸ਼ੇ ਦੇ ਆਲਮ ’ਚ ਆਪਣੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ, ਸੂਰਬੀਰ ਬਹਾਦਰ, ਗਦਰੀ ਬਾਬਿਆਂ ਦੀ ਧਰਤੀ ਦਾ ਮਾਣ ਪ੍ਰਾਪਤ ਹੈ। ਪਰ ਇਸ ਧਰਤੀ ’ਤੇ ਨਸ਼ਿਆਂ ਦਾ ਛੇਵਾਂ ਦਰਿਆ ਵਗਣ ਕਾਰਨ ਮਾਵਾਂ ਦੇ ਪੁੱਤ, ਭੈਣਾਂ ਦੇ ਵੀਰ ਅਤੇ ਔਰਤਾਂ ਦੇ ਸੁਹਾਗ ਉੱਜੜ ਰਹੇ ਹਨ ਅਤੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਸਾਡੀਆਂ ਹਾਕਮ ਸਰਕਾਰਾਂ ਨੂੰ ਕੋਈ ਚਿੰਤਾ ਨਹੀਂ।