ਐੱਸਡੀਐੱਮ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ
ਐੱਸਡੀਐੱਮ ਗੁਰਮੀਤ ਸਿੰਘ ਨੇ ਸਿਵਲ ਹਸਪਤਾਲ ਤਰਨਤਾਰਨ ਦੀ ਕੀਤੀ ਅਚਨਚੇਤ ਚੈਕਿੰਗ
Publish Date: Fri, 30 Jan 2026 08:42 PM (IST)
Updated Date: Fri, 30 Jan 2026 08:43 PM (IST)

- ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਕੀਤੀ ਤਾਕੀਦ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਨੇ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਦੀ ਅਚਾਨਕ ਚੈਕਿੰਗ ਕਰ ਕੇ ਉੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ-ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਦੀ ਫੀਡਬੈਕ ਹਾਸਲ ਕੀਤੀ। ਇਸ ਮੌਕੇ ਐੱਸਡੀਐੱਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾ ਸਕਣ। ਐੱਸਡੀਐੱਮ ਨੇ ਕਿਹਾ ਕਿ ਜੇਕਰ ਕਿਸੇ ਸਿਹਤ ਅਧਿਕਾਰੀ ਜਾਂ ਕਰਮਚਾਰੀ ਨੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖਤ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਗੁਰਮੀਤ ਸਿੰਘ ਐੱਸਡੀਐੱਮ ਨੇ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਵੀ ਜੋ ਊਣਤਾਈਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਦੂਰ ਕਰਨ ਲਈ ਸਿਵਲ ਸਰਜਨ ਨੂੰ ਲਿਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਅਤੇ ਮੁਫਤ ਇਲਾਜ ਸਹੂਲਤ ਬਿਨਾਂ ਕਿਸੇ ਖੱਜਲ ਖੁਆਰੀ ਦੇ ਮਿਲ ਸਕਣ।