ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਘੇਰਿਆ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਘਰ

ਕੈਪਸ਼ਨ- ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ, ਮਜਦੂਰ ਆਗੂ ਅਤੇ ਵੱਡੀ ਗਿਣਤੀ ਵਿਚ ਬੀਬੀਆਂ।
ਕੈਪਸ਼ਨ- ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਤੇ ਹੋਰ ਆਗੂਆਂ ਕੋਲੋਂ ਮੰਗ ਪੱਤਰ ਲੈਂਦੇ ਹੋਏ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ।
* ਤਿੰਨ ਘੰਟੇ ਤੱਕ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ, ਕੌਂਸਲਰ ਲਾਲੀ ਨੇ ਲਿਆ ਮੰਗ ਪੱਤਰ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ
ਤਰਨਤਾਰਨ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ, ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੀਰਵਾਰ ਨੂੰ ਪੰਜਾਬ ਭਰ ਵਿਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਦੇ ਚੱਲਦਿਆਂ ਤਰਨਤਾਰਨ ਜ਼ਿਲ੍ਹੇ ਵਿਚ ਵੀ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਜਦਕਿ ਵਿਧਾਇਕਾਂ ਦੇ ਨੁਮਾਇੰਦਿਆਂ ਨੂੰ ਬਕਾਇਦਾ ਮੰਗ ਪੱਤਰ ਵੀ ਸੌਂਪੇ ਗਏ। ਇਸੇ ਲੜੀ ’ਚ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਜੱਥੇਬੰਦੀ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ’ਚ ਵੱਡੀ ਗਿਣਤੀ ’ਚ ਕਿਸਾਨਾਂ ਤੋਂ ਇਲਾਵਾ ਬੀਬੀਆਂ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਤੇ ਹੋਰ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਪਹਿਲਾਂ ਵੀ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਸਨ। ਜਿਸ ਦੌਰਾਨ ਕੁਝ ਮੰਗਾਂ ਉਤੇ ਸਹਿਮਤੀ ਦਿੱਤੀ ਗਈ ਸੀ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਮੀਟਿੰਗ ਨਿਰਧਾਰਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਵਾਰ ਵਾਰ ਮੀਟਿੰਗ ਦੀ ਤਾਰੀਖ ਅੱਗੇ ਵਧਾਉਣ ਦੇ ਬਾਵਯੂਦ ਵੀ ਅਜੇ ਤੱਕ ਸਬੰਧਤ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਨਹੀਂ ਹੋ ਸਕੀ। ਜਿਸ ਕਾਰਨ ਕਿਸਾਨਾਂ ਅਤੇ ਮਜ਼ਦੂਰ ਵਰਗ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਕ ਯਾਦ ਪੱਤਰ ਵਿਧਾਇਕਾਂ ਰਾਂਹੀ ਪੰਜਾਬ ਸਰਕਾਰ ਦੇ ਨਾਂਅ ’ਤੇ ਦੇ ਕੇ ਮੰਗ ਕੀਤੀ ਹੈ ਕ ਕਿਸਾਨਾਂ ਦੀਆਂ ਵਾਜਿਬ ਅਤੇ ਹੱਕੀ ਮੰਗਾਂ ਸਬੰਧੀ ਤੁਰੰਤ ਗੱਲਬਾਤ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਸਮਾਂਬੱਧ, ਠੋਸ ਅਤੇ ਲਿਖਤੀ ਭਰੋਸਾ ਦਿੱਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਜਲਦ ਉਕਤ ਮੰਗਾਂ ਦੇ ਨਿਪਟਾਰੇ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਕਿਸਾਨ ਮਜ਼ਦੂਰ ਮੋਰਚੇ ਵਲੋਂ ਰਾਜ ਪੱਧਰੀ ਅੰਦੋਲਨ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਵਿਧਾਇਕ ਸੰਧੂ ਵੱਲੋਂ ਲਾਲੀ ਕੌਂਸਲਰ ਨੇ ਲਿਆ ਮੰਗ ਪੱਤਰ
ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਤਿੰਨ ਘੰਟੇ ਤੱਕ ਦਿੱਤੇ ਗਏ ਧਰਨੇ ਦੇ ਦੌਰਾਨ ਵਿਧਾਇਕ ਦੇ ਗੈਰ ਹਾਜ਼ਰ ਹੋਣ ਕਾਰਨ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਰਾਜਪੂਤ ਲਾਲੀ ਵਸੀਕਾ ਧਰਨੇ ਵਿਚ ਪਹੁੰਚੇ। ਜਿਨ੍ਹਾਂ ਨੇ ਕਿਸਾਨ ਆਗੂਆਂ ਕੋਲੋਂ ਵਿਧਾਇਕ ਤਰਫੋਂ ਮੰਗ ਪੱਤਰ ਹਾਸਲ ਕੀਤਾ ਅਤੇ ਕਿਹਾ ਕਿ ਉਹ ਇਹ ਮੰਗ ਪੱਤਰ ਹਰਮੀਤ ਸਿੰਘ ਸੰਧੂ ਤੱਕ ਪਹੁੰਚਾ ਦੇਣਗੇ।