ਰਾਜਪਾਲ ਦੀ ਅਗਵਾਈ ਹੇਠ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 9 ਨੂੰ
ਪੰਜਾਬ ਦੇ ਰਾਜਪਾਲ ਦੀ ਅਗਵਾਈ ਹੇਠ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 9 ਫਰਵਰੀ ਨੂੰ
Publish Date: Fri, 06 Feb 2026 06:37 PM (IST)
Updated Date: Fri, 06 Feb 2026 06:41 PM (IST)

- ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਵਿਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਤਰਨਤਾਰਨ ਵਿਚ 9 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਖ਼ੁਦ ਨਿੱਜੀ ਤੌਰ ’ਤੇ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਆਈਏਐੱਸ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਤਰਨਤਾਰਨ ਜ਼ਿਲ੍ਹੇ ਦੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿਚ ਐੱਸਐੱਸਪੀ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 9 ਫ਼ਰਵਰੀ 2026 ਨੂੰ ਸਵੇਰੇ 11:30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਤਕ ਜਾਵੇਗੀ। ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁਟ ਹੋਣ ਦਾ ਸੱਦਾ ਦੇਣਗੇ। ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਕੰਟਰੋਲ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੁੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ, ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫ਼ਲ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ, ਮਾਈ ਭਾਰਤ ਤਰਨਤਾਰਨ ਦੀ ਡਿਪਟੀ ਡਾਇਰੈਕਟਰ ਜਸਲੀਨ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।