ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ’ਚ ਬਣਨਗੇ ਕੋਰ ਗਰੁੱਪ : ਜਤਿੰਦਰ ਸਿੰਘ ਸ਼ੰਟੀ

- ਕਿਹਾ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ
- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਨੇ ਅਧਿਕਾਰੀਆਂ, ਸਮਾਜ ਸੇਵੀਆਂ ਨਾਲ ਕੀਤੀ ਮੀਟਿੰਗ
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ
ਤਰਨਤਾਰਨ : ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ਵਿਚ ਕੋਰ ਗਰੁੱਪ ਬਣਨਗੇ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਸ਼ਨਿਚਰਵਾਰ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ, ਸਮਾਜ ਸੇਵੀਆਂ, ਸਰਪੰਚਾਂ ਅਤੇ ਹੋਰ ਮੋਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ। ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਈਜਰੀਜ਼ ਜਾਰੀ ਕੀਤੀਆਂ ਗਈਆਂ ਹਨ।
ਇਸ ਦੌਰਾਨ ਉਨ੍ਹਾਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ। ਇਸ ਮੌਕੇ ਸਮਾਜ ਸੇਵੀਆਂ ਅਤੇ ਹੋਰਨਾਂ ਮੋਹਤਬਰਾਂ ਵੱਲੋਂ ਮਨੁੱਖੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੀਆਂ ਸ਼ਹਿਰ ਦੀਆਂ ਸਮੱਸਿਆਵਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦੇ ਸਨਮੁੱਖ ਰੱਖੀਆਂ, ਜਿਸ ਦੇ ਯੋਗ ਹੱਲ ਦਾ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ। ਇਸ ਮੌਕੇ ਏਡੀਸੀ ਵਿਕਾਸ ਸੰਜੀਵ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸਪੀ ਹੈੱਡ ਕੁਆਰਟਰ ਸੁਖਨਿੰਦਰ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਡੀਡੀਪੀਓ ਪਿਆਰ ਸਿੰਘ, ਡੀਡੀਏ ਗੌਰਵ ਧੀਮਾਨ, ਡਾ. ਸੁਰਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ, ਸਰਪੰਚ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।
- ਹਰੇਕ ਜ਼ਿਲ੍ਹੇ ’ਚ ਗਠਿਤ ਹੋਣਗੇ 15-15 ਵਿਅਕਤੀਆਂ ਦੇ ਕੋਰ ਗਰੁੱਪ
ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ’ਚ 15-15 ਵਿਅਕਤੀਆਂ ਦੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਿਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿਚ ਵੱਖ-ਵੱਖ ਵਰਗਾਂ ਨਾਲ ਸਬੰਧਿਤ ਵਿਅਕਤੀ ਸ਼ਾਮਲ ਕੀਤੇ ਜਾਣਗੇ। ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ ’ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਵੀ ਜਾਰੀ ਕੀਤਾ ਗਿਆ ਹੈ।
- ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਐੱਨਜੀਓਜ਼ ਬਣਨ ਪ੍ਰਸ਼ਾਸਨ ਦੀਆਂ ਬਾਹਵਾਂ ਤੇ ਕੰਨ
ਐੱਨਜੀਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਦੀ ਭਲਾਈ ਦੇ ਕੰਮ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਵਿਚ ਵੀ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਐੱਨਜੀਓਜ਼ ਨੂੰ ਮਨੁੱਖਤਾ ਦੀ ਬਿਹਤਰੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪ੍ਰਸ਼ਾਸਨ ਦੀਆਂ ਬਾਹਵਾਂ ਬਣ ਕੇ ਕੰਮ ਕਰਨਾ ਚਾਹੀਦਾ ਹੈ।