ਮਾਪੇ-ਅਧਿਆਪਕ ਵਰਕਸ਼ਾਪ ’ਚ ਮਾਪਿਆਂ ਨੇ ਦਿਖਾਇਆ ਉਤਸ਼ਾਹ
ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਵਰਕਸ਼ਾਪ ’ਚ ਮਾਪਿਆਂ ਦਿਖਾਇਆ ਭਾਰੀ ਉਤਸ਼ਾਹ
Publish Date: Sat, 07 Feb 2026 06:23 PM (IST)
Updated Date: Sat, 07 Feb 2026 06:26 PM (IST)

- ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਮਾਪੇ ਤੇ ਅਧਿਆਪਕ ਮਿਲ ਕੇ ਕੰਮ ਕਰਨ : ਡੀਈਓ ਬਾਠ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਮਾਪੇ-ਅਧਿਆਪਕ ਵਰਕਸ਼ਾਪ ਬੇਹੱਦ ਸਫਲ ਅਤੇ ਯਾਦਗਾਰੀ ਰਹੀ। ਇਸ ਮੌਕੇ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਨਾਲ ਜੁੜੇ ਅਹਿਮ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਵਿਸ਼ੇਸ਼ ਵਰਕਸ਼ਾਪ ਦੌਰਾਨ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਬੱਚਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ, ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਜਾਗਰੂਕਤਾ ਕਰਨਾ ਅਤੇ ਬੱਚਿਆਂ ਦੀ ਸਿਹਤ ਸੰਭਾਲ ਲਈ ਰਜਿਸਟ੍ਰੇਸ਼ਨ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਦੀ ਲੋੜ ’ਤੇ ਜ਼ੋਰ ਦੇਣਾ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਇਸ ਮੌਕੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦਾ ਸੁਨਹਿਰਾ ਭਵਿੱਖ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੇ ਦਿਨਾਂ ਵਿਚ ਸਾਨੂੰ ਪੂਰੀ ਤਰ੍ਹਾਂ ਸੁਚੇਤ ਹੋਣ ਦੀ ਲੋੜ ਹੈ, ਤਾਂ ਜੋ ਬੱਚੇ ਵਧੀਆ ਅੰਕ ਹਾਸਲ ਕਰ ਸਕਣ। ਨਸ਼ਿਆਂ ਵਿਰੁੱਧ ਬੋਲਦਿਆਂ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ। ਇਸ ਮੌਕੇ ਬਾਠ ਨੇ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਦਾ ਲਾਭ ਉਠਾਉਂਦੇ ਹੋਏ, ਵੱਧ ਤੋਂ ਵੱਧ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਇਆ ਜਾਵੇ। ਇਸ ਮੌਕੇ ਸਕੂਲ ਸਟਾਫ਼ ਅਤੇ ਮਾਪਿਆਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ। ਇਸ ਮੌਕੇ ਸੁਖਬੀਰ ਸਿੰਘ ਕੰਗ, ਜਸਪਾਲ ਸਿੰਘ ਅਤੇ ਮੁੱਖ ਅਧਿਆਪਕਾ ਜਸਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।