ਬਜ਼ੁਰਗਾਂ ਦਾ ਸਨਮਾਨ ਤੇ ਦੇਖਭਾਲ ਪੰਜਾਬ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ : ਕੈਬਨਿਟ ਮੰਤਰੀ ਭੁੱਲਰ
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਪੰਜਾਬ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ - ਕੈਬਨਿਟ ਮੰਤਰੀ ਭੁੱਲਰ
Publish Date: Fri, 13 Feb 2026 05:42 PM (IST)
Updated Date: Sat, 14 Feb 2026 04:09 AM (IST)

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਤਰਨਤਾਰਨ ’ਚ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਤਰਨਤਾਰਨ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨਤਾਰਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਏਡੀਸੀ ਵਿਕਾਸ ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਨੂੰ ਇਕੋ ਥਾਂ ਤੇ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਅਤੇ ਕਈ ਸੀਨੀਅਰ ਨਾਗਰਿਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੁਲ ਅਰੋੜਾ ਨੇ ਮੁਹਿੰਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਦੀ ਸਮਾਜਿਕ ਸੁਰੱਖਿਆ, ਸਿਹਤ ਸਹੂਲਤਾਂ ਅਤੇ ਕਾਨੂੰਨੀ ਸੁਰੱਖਿਆ ਯਕੀਨੀ ਬਣਾਉਣਾ ਵਿਭਾਗ ਦੀ ਪਹਿਲ ਹੈ। ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਵਿਸਥਾਰਪੂਰਕ ਭਾਸ਼ਨ ਦੌਰਾਨ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸੰਤੁਲਿਤ ਆਹਾਰ, ਸਮੇਂ-ਸਿਰ ਦਵਾਈਆਂ ਅਤੇ ਸਕਾਰਾਤਮਕ ਸੋਚ ਨਾਲ ਬਜ਼ੁਰਗ ਲੰਮਾ ਅਤੇ ਤੰਦਰੁਸਤ ਜੀਵਨ ਜੀਅ ਸਕਦੇ ਹਨ। ਉਨ੍ਹਾਂ ਨੇ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸੀਐੱਮ ਯੋਗਸ਼ਾਲਾ ਦੇ ਯੋਗ ਇੰਚਾਰਜ਼ ਹਰਮਨਦੀਪ ਸਿੰਘ ਨੇ ਬਜ਼ੁਰਗਾਂ ਲਈ ਸਾਧਾਰਨ ਯੋਗ ਅਭਿਆਸਾਂ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗ ਅਤੇ ਪ੍ਰਾਣਾਯਾਮ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ, ਜੋੜਾਂ ਦਾ ਦਰਦ ਘਟਦਾ ਹੈ, ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ ਅਤੇ ਮਾਨਸਿਕ ਤਣਾਅ ਘਟਦਾ ਹੈ। ਉਨ੍ਹਾਂ ਕਿਹਾ ਕਿ ਸੀਐੱਮ ਯੋਗਸ਼ਾਲਾ ਦੇ ਮੁਫ਼ਤ ਯੋਗ ਸੈਸ਼ਨ ਬਜ਼ੁਰਗਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨ ਜੀਊਣ ਵਿਚ ਮਦਦਗਾਰ ਸਾਬਿਤ ਹੋ ਰਹੇ ਹਨ। ਸਿਵਲ ਹਸਪਤਾਲ ਤਰਨਤਾਰਨ ਦੀ ਡਾ. ਨੀਰਜ ਲਤਾ ਨੇ ਵੀ ਬਜ਼ੁਰਗਾਂ ਦੀ ਰੋਜ਼ਾਨਾ ਸਿਹਤ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਾਇਕ ਕਾਨੂੰਨੀ ਸਹਾਇਤਾ ਵਕੀਲ ਐਡਵੋਕੇਟ ਰਣਕਰਨਬੀਰ ਸਿੰਘ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਕੈਂਪ ਲਗਾਏ ਗਏ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਕਾਨੂੰਨੀ ਸਲਾਹ ਨਾਲ ਸਬੰਧਿਤ ਵਿਸ਼ੇਸ਼ ਕਾਊਂਟਰ ਵੀ ਸਥਾਪਿਤ ਕੀਤੇ ਗਏ। ਇਨ੍ਹਾਂ ਸੇਵਾਵਾਂ ਦਾ ਵੱਡੀ ਗਿਣਤੀ ਵਿਚ ਪਹੁੰਚੇ ਬਜ਼ੁਰਗਾਂ ਨੇ ਭਰਪੂਰ ਲਾਹਾ ਲਿਆ।