ਮੱਧ ਪ੍ਰਦੇਸ਼ ਵਿਚ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਮਨਾਇਆ
ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੇ ਮੱਧ ਪ੍ਰਦੇਸ਼ ਵਿਚ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਮਨਾਇਆ
Publish Date: Fri, 06 Mar 2026 04:55 PM (IST)
Updated Date: Sat, 07 Mar 2026 04:04 AM (IST)
105 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਲਵਦੀਪ ਦੇਵਗਨ•, ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਭਾਈ ਬਾਲਾ ਜੀ, ਬੰਗਲਾ ਪੰਡੋਰਾ, ਜ਼ਿਲ੍ਹਾ ਸ਼ਿਵਪੁਰੀ ਮੱਧ ਪ੍ਰਦੇਸ਼ ਵਿਖੇ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਵਿਚ ਹੋਲਾ ਮਹੱਲਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਾਰਾ ਦਿਨ ਧਾਰਮਿਕ ਦੀਵਾਨ ਸੱਜੇ, ਜਿਸ ’ਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ। ਦੀਵਾਨ ਵਿਚ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਸਾਬਕਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਸਰਬਜੀਤ ਸਿੰਘ ਢੋਟੀਆਂ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਹੋਰ ਕਈ ਜਥਿਆਂ ਨੇ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਸਿੰਘ ਸੱਜਣ ਦੀ ਪ੍ਰੇਰਨਾ ਕੀਤੀ। ਹਰ ਸਾਲ ਦੀ ਤਰ੍ਹਾਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਅਤੇ 105 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸੰਤ ਬਾਬਾ ਹਾਕਮ ਸਿੰਘ ਜੀ ਨੇ ਸਮੂਹ ਅੰਮ੍ਰਿਤ ਅਭਿਲਾਖੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਦਾ ਇਕੱਠ ਸੀ, ਗੁਰੂ ਕੇ ਲੰਗਰਾਂ ਵਿਚ ਭਾਂਤ ਭਾਂਤ ਦੀਆਂ ਮਠਿਆਈਆਂ ਅਤੇ ਹੋਰ ਅਨੇਕ ਪਦਾਰਥ ਅਤੁੱਟ ਵਰਤਦੇ ਰਹੇ।