ਬਿਜਲੀ ਰੇਟਾਂ ’ਚ ਕਟੌਤੀ ਬਣੇਗੀ ਪੰਜਾਬ ਵਾਸੀਆਂ ਲਈ ਵੱਡੀ ਸਹੂਲਤ : ਸੰਧੂ
ਬਿਜਲੀ ਰੇਟਾਂ ’ਚ ਕਟੌਤੀ ਬਣੇਗੀ ਪੰਜਾਬ ਵਾਸੀਆਂ ਲਈ ਵੱਡੀ ਸਹੂਲਤ- ਹਰਮੀਤ ਸਿੰਘ ਸੰਧੂ
Publish Date: Fri, 06 Mar 2026 07:50 PM (IST)
Updated Date: Sat, 07 Mar 2026 04:15 AM (IST)

ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਜ਼ਲੀ ਦੇ ਰੇਟਾਂ ਵਿਚ ਕਟੌਤੀ ਕਰਕੇ ਪੰਜਾਬ ਵਾਸੀਆਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾ ਕੇ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਲੋਕਾਂ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੇ ਮੁੱਖ ਮੰਤਰੀ ਹਨ। ਇਸ ਤੋਂ ਪਹਿਲਾਂ 90 ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਇਹ ਸਰਕਾਰ ਬਣਨ ਦੇ ਤੁਰੰਤ ਬਾਅਦ ਲਾਗੂ ਹੋ ਗਏ ਸਨ। ਇਹ ਪ੍ਰਗਟਾਵਾ ਤਰਨਤਾਰਨ ਤੋਂ ਜ਼ਿਮਨੀ ਚੋਣ ਜਿੱਤ ਕੇ ਵਿਧਾਇਕ ਬਣੇ ਹਰਮੀਤ ਸਿੰਘ ਸੰਧੂ ਨੇ ਆਪਣੇ ਪਹਿਲੇ ਬਜਟ ਸ਼ੈਸ਼ਨ ਵਿਚ ਸ਼ਾਮਲ ਹੋਣ ਉਪਰੰਤ ਕੀਤਾ ਹੈ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ 600 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ ਅਤੇ ਲੋਕਾਂ ਵਿਚ ਜਾ ਕੇ ਦਿੱਤੀ ਇਸ ਗਰੰਟੀ ਨੂੰ ਉਨ੍ਹਾਂ ਨੇ ਸਰਕਾਰ ਬਣਦਿਆਂ ਹੀ ਪੂਰਾ ਕਰਕੇ ਦਿਖਾਇਆ। ਜਿਸ ਨਾਲ ਅੱਜ 90 ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸੰਧੂ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਜਲੀ ਰੇਟਾਂ ਵਿਚ ਵੱਡੀ ਕਟੌਤੀ ਕਰਕੇ ਇਕ ਵਾਰ ਫਿਰ ਤੋਂ ਲੋਕਾਂ ਉੱਪਰ ਪੈਣ ਵਾਲੇ ਮਹੀਨਾਵਾਰ ਬੋਝ ਨੂੰ ਘੱਟ ਕਰਦਿਆਂ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਵਪਾਰਕ ਵਰਤੋਂ ਲਈ ਵਰਤੀ ਜਾਣ ਵਾਲੀ ਬਿਜਲੀ ਦੇ ਰੇਟ ਵੀ ਘਟਾ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਤੈਅ ਕੀਤੀਆਂ ਨਵੀਆਂ ਦਰਾਂ ਮੁਤਾਬਿਕ ਦੁਕਾਨਾਂ ਲਈ ਬਿਜਲੀ ਦਰ ਵਿਚ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 74 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਜਦੋਂਕਿ ਘਰੇਲੂ ਬਿਜਲੀ ਦਰਾਂ ਵਿਚ ਪ੍ਰਤੀ ਯੂਨਿਟ 1.5 ਰੁਪਏ ਦੇ ਕਰੀਬ ਕਟੌਤੀ ਕਰਕੇ ਆਮ ਲੋਕਾਂ ਲਈ ਰਾਹਤ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਛੋਟੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡਾ ਲਾਭ ਪਹੁੰਚੇਗਾ ਤੇ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰ ਨੇ ਇਲੈਕਟ੍ਰਾਨਿਕ ਵਾਹਨਾਂ ਦੇ ਚਾਰਜਿੰਗ ਸਟੇਸ਼ਨਾਂ ਲਈ ਵੀ ਸਸਤੀ ਬਿਜਲੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਅਜਿਹੇ ਵਾਹਨਾਂ ਦੀ ਵਰਤੋਂ ਨੂੰ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਲੋਕ ਪੱਖੀ ਫੈਸਲੇ ਲੈਣ ਕਰਕੇ ਭਗਵੰਤ ਮਾਨ ਹਰਮਨ ਪਿਆਰੇ ਮੁੱਖ ਮੰਤਰੀ ਸਾਬਤ ਹੋਏ ਹਨ।