ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ’ਚ ਗਰੈਜੂਏਸ਼ਨ ਸਮਾਰੋਹ
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ’ਚ ਕਿੰਡਰਗਾਰਟਨ ਦਾ ਗਰੈਜੂਏਸ਼ਨ ਸਮਾਰੋਹ ਕਰਵਾਇਆ
Publish Date: Fri, 20 Mar 2026 07:03 PM (IST)
Updated Date: Sat, 21 Mar 2026 04:11 AM (IST)

ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਯੂਕੇਜੀ ਕਲਾਸ ਦੇ ਵਿਦਿਆਰਥੀਆਂ ਦਾ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਡਾ. ਗੁਰਮਿੰਦਰ ਕੌਰ ਐੱਸਐੱਮਓ ਸਬ ਡਵੀਜ਼ਨ ਹਸਪਤਾਲ ਖਡੂਰ ਸਾਹਿਬ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਜਸਵਿੰਦਰਪਾਲ ਸਿੰਘ, ਬਾਬਾ ਉੱਤਮ ਸਿੰਘ ਚੈਰੀਟੇਬਲ ਦੇ ਸਕੱਤਰ ਭਾਈ ਵਰਿਆਮ ਸਿੰਘ, ਬਾਬਾ ਬਲਦੇਵ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਸਮਾਰੋਹ ਦੀ ਆਰੰਭਤਾ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦ ਗਾਇਨ ਦੁਆਰਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵਲੋਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਤ ਹੁੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਏ ਹੋਏ ਮਾਪਿਆਂ ਨੂੰ ‘ਜੀ ਆਇਆ’ ਕਹਿੰਦੇ ਹੋਏ ਸਕੂਲ ਵਿਚ ਪਹੁੰਚਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਲੋਂ ਨਵੀਂ ਹੋਲੋਸਟਿਕ ਰਿਪੋਰਟ ਕਾਰਡ ਬਾਰੇ ਸੰਖੇਪ ਵਿਚ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪਹੁੰਚਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਸਮਾਗਮ ਵਿਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਤੇ ਐੱਲਕੇਜੀ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਮਾਂ-ਬੋਲੀ ਸਬੰਧੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਵਲੋ ਮਾਪਿਆਂ ਦੇ ਸ਼ੁਕਰਾਨੇ ਸਬੰਧੀ ਧੰਨਵਾਦੀ ਗੀਤ ਰਾਹੀਂ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਯੂਕੇਜੀ ਦੇ ਵਿਦਿਆਰਥੀਆਂ ਦੇ ਨਤੀਜੇ ਦੀ ਘੋਸ਼ਣਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਆਏ ਹੋਏ ਮਹਿਮਾਨਾਂ ਵਲੋਂ ਸਰਟੀਫਕੇਟ ਵੰਡੇ ਗਏ। ਇਸ ਮੌਕੇ ਮੁੱਖ ਮਹਮਿਾਨ ਵਲੋਂ ਬੱਚਿਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੱਤਰ ਜਸਵਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਦੇ ਵਧੀਆ ਨਤੀਜੇ ਆਉਣ ’ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਵਲੋਂ ਨਿਸ਼ਾਨ-ਏ-ਸਿੱਖੀ ਟਰੱਸਟ ਵਲੋਂ ਕਰਵਾਏ ਜਾਂਦੇ ਕੋਰਸਾਂ ਬਾਰੇ ਸੰਖੇਪ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਸਮਾਰੋਹ ਦੇ ਅਖੀਰ ਵਿਚ ਸਕੂਲ ਦੇ ਹੈੱਡ ਮਿਸਟਰੈਸ ਨਵਪ੍ਰੀਤ ਕੌਰ ਵਲੋਂ ਆਏ ਹੋਏ ਮਾਪਿਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਦੀ ਸਜਾਵਟ ਆਏ ਹੋਏ ਪਤਵੰਤਿਆਂ ਦੀ ਖਿੱਚ ਦਾ ਕੇਂਦਰ ਬਣੀ ਰਹੀ, ਜੋ ਸਕੂਲ ਦੇ ਹੀ ਆਰਟ ਅਧਿਆਪਕਾਂ ਸਿਮਰਨਜੀਤ ਕੌਰ ਦੁਆਰਾ ਕੀਤੀ ਗਈ ਸੀ। ਸਕੂਲ ਦੀਆਂ ਵਿਦਿਆਰਥਣਾਂ ਕਜਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਬਾਰ੍ਹਵੀਂ ਜਮਾਤ ਵਲੋਂ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਕਿੰਡਰਗਾਰਟਨ ਦੇ ਕੋਆਰਡੀਨੇਟਰ ਚਰਨਜੀਤ ਕੌਰ ਅਤੇ ਸਮੁੱਚਾ ਸਟਾਫ ਹਾਜ਼ਰ ਸੀ।