ਨਾੜ ਸਾੜਨ ਨਾਲ ਵਧ ਰਿਹਾ ਪ੍ਰਦੂਸ਼ਣ ਨੁਕਸਾਨਦਾਇਕ : ਡਾ. ਯਾਦਵਿੰਦਰ ਸਿੰਘ
ਨਾੜ ਸਾੜਨ ਨਾਲ ਵਧ ਰਿਹਾ ਪ੍ਰਦੂਸ਼ਣ, ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਪੈ ਰਹੇ ਨੁਕਸਾਨਦਾਇਕ ਅਸਰ - ਡਾ. ਯਾਦਵਿੰਦਰ ਸਿੰਘ
Publish Date: Fri, 27 Mar 2026 04:42 PM (IST)
Updated Date: Sat, 28 Mar 2026 04:02 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਡੂਰ ਸਾਹਿਬ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵਾਸਤੇ ਵੱਖ-ਵੱਖ ਸੂਬਿਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਣਕ ਦੇ ਨਾੜ, ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ, ਜਿਸ ਕਾਰਨ ਜ਼ਿਲ੍ਹਾ ਤਰਨਤਾਰਨ ਵਿਚ ਆਈਈਸੀ ਗਤੀਵਿਧੀਆਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ.ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਟੀਮ ਦੇ ਸਰਕਲ ਜਲਾਲਾਬਾਦ ਦੇ ਇੰਚਾਰਜ ਡਾ. ਯਾਦਵਿੰਦਰ ਸਿੰਘ ਵੱਲੋਂ ਪਿੰਡ ਫਾਜ਼ਲਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਕਾਰਨ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ, ਜੋ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਤ ਹੁੰਦੀਆਂ ਹਨ। ਇਸ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿਚ ਜਲਨ ਅਤੇ ਦਿਲ ਦੇ ਰੋਗ ਵਧਣ ਦਾ ਖ਼ਤਰਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਕਿਉਂਕਿ ਇਸ ਨਾਲ ਮਿੱਟੀ ਦੇ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ। ਇਸ ਕਾਰਨ ਆਉਣ ਵਾਲੀਆਂ ਫ਼ਸਲਾਂ ਦੀ ਪੈਦਾਵਾਰ ‘ਤੇ ਵੀ ਅਸਰ ਪੈਂਦਾ ਹੈ। ਇਸ ਸਮੱਸਿਆ ਨੂੰ ਦੇਖਦੇ ਹੋਏ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਪਾਂ, ਕਿਸਾਨ ਗੋਸ਼ਟੀਆਂ, ਨੁੱਕੜ ਮੀਟਿੰਗਾਂ ’ਚ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਆਧੁਨਿਕ ਮਸ਼ੀਨਾਂ ਜਿਵੇਂ ਹੈਪੀ ਸੀਡਰ ਆਦਿ ਦੀ ਵਰਤੋਂ ਕਰ ਕੇ ਨਾੜ ਨੂੰ ਖੇਤ ਵਿਚ ਹੀ ਮਿਲਾਉਣ। ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨਾੜ ਸਾੜਨ ਵਾਲਿਆਂ ਖ਼ਿਲਾਫ਼ ਜੁਰਮਾਨੇ ਵੀ ਲਾਏ ਜਾ ਰਹੇ ਹਨ ਪਰ ਨਾਲ ਹੀ ਕਿਸਾਨਾਂ ਨੂੰ ਸਹਿਯੋਗ ਅਤੇ ਸਹੂਲਤਾਂ ਦੇਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿਚ ਭਾਗੀਦਾਰ ਬਣਨ ਦੀ ਲੋੜ ਹੈ ਤਾਂ ਜੋ ਅਸੀਂ ਸਮੁੱਚਾ ਵਾਤਾਵਰਣ ਤੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾ ਸਕੀਏ। ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ, ਤਰਸੇਮ ਸਿੰਘ, ਇੰਦਰਜੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਇਲਾਕੇ ਦੇ ਅਗਾਂਹ ਵਧੂ ਕਿਸਾਨ ਹਾਜਰ ਸਨ।