ਨਾੜ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ : ਡੀਸੀ
ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ - ਡਿਪਟੀ ਕਮਿਸ਼ਨਰ
Publish Date: Thu, 02 Apr 2026 06:53 PM (IST)
Updated Date: Fri, 03 Apr 2026 04:14 AM (IST)

ਕੈਪਸ਼ਨ : ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ। * ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਹੋਈ ਵਿਸ਼ੇਸ਼ ਮੀਟਿੰਗ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਕਣਕ ਦੇ ਨਾੜ ਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਭਾਗਵਾਰ ਕੀਤੀ ਜਾਣ ਵਾਲੀ ਕਾਰਵਾਈ ਦਾ ਮੀਟਿੰਗ ਵਿਚ ਹਾਜਰ ਸਮੂਹ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਤੁਰੰਤ ਆਈਈਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ, ਪ੍ਰਚਾਰ ਵੈਨਾਂ ਚਲਾਈਆਂ ਜਾਣ, ਸਿੱਖਿਆ ਵਿਭਾਗ ਨਾਲ ਮਿਲ ਕੇ ਸਕੂਲ ਗਤੀਵਿਧੀਆਂ ਕੀਤੀਆ ਜਾਣ ਅਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਸਮੂਹ ਉਪ ਮੰਡਲ ਮੈਸਿਜਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਕਲੱਸਟਰ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਤੁਰੰਤ ਲਗਾਈਆਂ ਜਾਣ ਅਤੇ ਸਟੱਬਲ ਪ੍ਰੋਟੈਕਸ਼ਨ ਫੋਰਸਾਂ ਤੁਰੰਤ ਗਠਿਤ ਕਰ ਲਈਆ ਜਾਣ। ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਸਿਜਟ੍ਰੇਟ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਲਾਲ ਇੰਦਰਾਜ਼ ਕਰਨਾ, ਚਲਾਨ ਕਰਨਾ ਆਦਿ ਬਣਦੀ ਕਾਰਵਾਈ ਕਰਨਾ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕਿਹਾ ਕਿ ਮੰਡੀਆਂ ਵਿਚ ਸਮੂਹ ਆੜ੍ਹਤੀਆਂ ਨੂੰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸੇ ਤਰ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਗਿਆ ਕਿ ਸਮੂਹ ਨੰਬਰਦਾਰਾਂ ਅਤੇ ਸਰਪੰਚਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਠੇਕੇ ਤੇ ਲਈ ਜ਼ਮੀਨ ਤੇ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਤੁਰੰਤ ਬਲੈਕ ਲਿਸਟ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਕਿਹਾ ਕਿ ਸਮੂਹ ਸਹਿਕਾਰੀ ਸਭਾਵਾਂ ਨੂੰ ਸਰਗਰਮ ਕੀਤਾ ਜਾਵੇ ਅਤੇ ਇਨ੍ਹਾਂ ਵਿਚਲੀ ਮਸ਼ੀਨਰੀ ਕਿਸਾਨਾਂ ਤਕ ਪੁੱਜਦੀ ਕੀਤੀ ਜਾਵੇ। ਉਨ੍ਹਾਂ ਡਿਪਟੀ ਡਾਇਰੈਕਟਰ ਕੇਵੀਕੇ ਤਰਨਤਾਰਨ ਨੂੰ ਆਦੇਸ਼ ਦਿੱਤੇ ਕਿ 10 ਪਿੰਡ ਅਡਾਪਟ ਕੀਤੇ ਜਾਣ ਅਤੇ ਇਨ੍ਹਾਂ ਪਿੰਡਾਂ ਨੂੰ ਪੂਰਨ ਤੌਰ ਤੇ ਅੱਗ ਮੁਕਤ ਕੀਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਵਾਂਗ ਹੀ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿਚ ਆਈਈਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।