ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ
ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ
Publish Date: Tue, 07 Apr 2026 04:09 PM (IST)
Updated Date: Wed, 08 Apr 2026 03:59 AM (IST)

* ਸਾਂਝੇ ਮੋਰਚੇ ਤਰਫੋਂ 9 ਤੋਂ ਧੂਰੀ ’ਚ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਕੀਤੀ ਗਈ ਤਿਆਰੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇ ਸਿਹਤ ਵਿਭਾਗ ਅੰਦਰ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੱਖੀਆਂ ਗਈਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਜਿਥੇ ਆਮ ਲੋਕਾਂ, ਕਿਸਾਨਾਂ ਅਤੇ ਬਾਕੀ ਮੁਲਾਜ਼ਮਾਂ ਵਾਂਗ ਆਸ਼ਾ ਵਰਕਰਾਂ ਦਾ ਸ਼ੋਸ਼ਣ ਕਰਨ ਵਿਚ ਵੀ ਪਿੱਛੇ ਨਹੀਂ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਮੁਲਾਜ਼ਮ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਜਥੇਬੰਦੀ ਦੀਆਂ ਆਗੂਆਂ ਸੰਦੀਪ ਕੌਰ, ਰਾਜ ਕੁਮਾਰੀ, ਜਸਵੀਰ ਕੌਰ, ਬੀਰਪਾਲ ਕੌਰ, ਰੀਟਾ ਰਾਣੀ, ਨਿਰਮਲਾ ਦੇਵੀ ਨੇ ਕਿਹਾ ਕਿ ਸਰਕਾਰ ਵਲੋਂ ਆਸ਼ਾ ਵਰਕਰਾਂ ਪ੍ਰਤੀ ਅਪਣਾਈਆਂ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਅੰਦਰ ਸੰਘਰਸ਼ਾਂ ਨੂੰ ਪ੍ਰਣਾਈਆਂ ਹੋਈਆਂ ਆਸ਼ਾ ਵਰਕਰਾਂ ਦੀਆਂ ਚਾਰ ਜਥੇਬੰਦੀਆਂ ਵਲੋਂ ‘ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰਜ ਸਾਂਝਾ ਮੋਰਚਾ’ ਬਣਾ ਕੇ ਸਰਕਾਰ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਮੁੱਖ ਮੰਤਰੀ ਵਲੋਂ ਅਜੇ ਤਕ ਮੀਟਿੰਗ ਦਾ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਹੈ ਅਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਵਿਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਂਝੇ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਬਾਕੀ ਜਥੇਬੰਦੀਆਂ ਦੇ ਨਾਲ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ ਯੂਨੀਅਨ ਪੰਜਾਬ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੰਘਰਸ਼ ਦੀ ਤਿਆਰੀ ਲਈ ਲੁਧਿਆਣੇ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਪੱਕਾ ਮੋਰਚਾ ਮੰਗਾਂ ਦੀ ਪ੍ਰਾਪਤੀ ਤਕ ਜਾਰੀ ਰਹੇਗਾ ਅਤੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਰੁਪਿੰਦਰ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ ਆਦਿ ਆਗੂ ਵੀ ਹਾਜ਼ਰ ਸਨ।