ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਵੱਖ-ਵੱਖ ਪ੍ਰਦਰਸ਼ਨੀਆਂ ਹੋਣਗੀਆਂ ਖਿੱਚ ਦਾ ਕੇਂਦਰ : ਡਾ. ਭੁਪਿੰਦਰ ਸਿੰਘ
ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਵੱਖ-ਵੱਖ ਪ੍ਰਦਰਸ਼ਨੀਆਂ ਹੋਣਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ- ਡਾ. ਭੁਪਿੰਦਰ ਸਿੰਘ
Publish Date: Thu, 09 Apr 2026 04:32 PM (IST)
Updated Date: Thu, 09 Apr 2026 04:35 PM (IST)

ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਸੁਧਰੇ ਬੀਜ, ਖੇਤੀਬਾੜੀ ਮਸ਼ੀਨਰੀ ਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਸਬੰਧੀ ਅੱਜ ਸ਼ਾਹੀ ਫਾਰਮ ਤਰਨਤਾਰਨ ਵਿਖੇ ਆਤਮਾ ਸਕੀਮ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰਾਹੁਲ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਮੇਲੇ ਦਾ ਮੁੱਖ ਆਕਰਸ਼ਣ ਖੇਤੀ ਨਾਲ ਸਬੰਧਤ ਮਸ਼ੀਨਰੀ ਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਹੋਣਗੀਆਂ, ਜੋ ਕਿਸਾਨਾਂ ਦੇ ਗਿਆਨ ’ਚ ਹੋਰ ਵਾਧਾ ਕਰਨ ਲਈ ਲਗਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨੀਆਂ ਦੌਰਾਨ ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਅਤੇ ਮੱਛੀ ਪਾਲਣ ਵਿਭਾਗ ਆਦਿ ਵੱਲੋਂ ਆਪਣੇ ਵਿਭਾਗਾਂ ਨਾਲ ਸਬੰਧਤ ਉਤਪਾਦ ਪੇਸ਼ ਕੀਤੇ ਜਾਣਗੇ। ਖੇਤੀ ਮਾਹਿਰ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਤੋਂ ਹਟ ਕੇ ਲਾਹੇਵੰਦ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰੁਪਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਖੇਤੀਬਾੜੀ ਉਪ ਨਿਰੀਖਕ ਸਿਮਰਨਜੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨਾਲੋਜੀ ਮੈਨੇਜਰ, ਗੁਰਪ੍ਰਤਾਪ ਸਿੰਘ, ਕਰਮ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਅਤੇ ਇਲਾਕੇ ਦੇ ਅਗਾਂਹ ਵਧੂ ਕਿਸਾਨ ਹਾਜ਼ਰ ਸਨ।