9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ ☺: ਜ਼ਿਲ੍ਹਾ ਤੇ ਸੈਸ਼ਨ ਜੱਜ
ਤਰਨਤਾਰਨ ਜ਼ਿਲ੍ਹੇ ਦੀਆਂ ਅਦਾਲਤਾਂ ’ਚ 9 ਮਈ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ
Publish Date: Thu, 16 Apr 2026 09:14 PM (IST)
Updated Date: Fri, 17 Apr 2026 04:18 AM (IST)

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ ਜ਼ਿਲ੍ਹਾ ਤਰਨਤਾਰਨ ਵਿਚ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ ਨੂੰ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨਆਈ ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮਏਸੀਟੀ ਮੋਟਰ ਐਕਸੀਡੈਂਟ ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿਚ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।