ਅਧਿਆਪਕ ਯੋਗਤਾ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਬੀਐੱਡ ਕਾਲਜ ਖਡੂਰ ਸਾਹਿਬ ਦੇ ਵਿਦਿਆਰਥੀਆਂ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Sun, 19 Apr 2026 05:35 PM (IST)
Updated Date: Mon, 20 Apr 2026 04:04 AM (IST)

ਬੀਐੱਡ ਕਾਲਜ ਖਡੂਰ ਸਾਹਿਬ ਦੇ ਵਿਦਿਆਰਥੀ ਛਾਏ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ, ਜੋ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਹੇਠ ਪਿਛਲੇ 20 ਸਾਲਾਂ ਤੋਂ ਅਧਿਆਪਕ ਸਿਖਲਾਈ ਦੇ ਖੇਤਰ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ, ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2025 ਦੇ ਨਤੀਜਿਆਂ ਵਿਚ ਉੱਤਮ ਪ੍ਰਦਰਸ਼ਨ ਕਰਦਿਆਂ ਮਿਆਰੀ ਸੰਸਥਾਵਾਂ ਵਿਚ ਨਿਵੇਕਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰੀਖਿਆ ਵਿਚ ਸੰਸਥਾ ਦੇ ਕੁੱਲ 52 ਵਿਦਿਆਰਥੀਆਂ ਨੇ ਯੋਗਤਾ ਹਾਸਲ ਕੀਤੀ, ਜੋ ਕਿ ਕਾਲਜ ਦੀ ਉੱਚ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ। ਬੀਐੱਡ ਕੋਰਸ ਅਤੇ ਡੀਐੱਲਐੱਡ ਕੋਰਸ ਅੰਤਰਗਤ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਲਗਨ ਨੂੰ ਸਾਬਿਤ ਕੀਤਾ ਹੈ। ਸੰਸਥਾ ਦੀਆਂ ਵਿਦਿਆਰਥਣਾਂ ਜਤਿੰਦਰ ਕੌਰ, ਨਵਰੋਜ਼ ਕੌਰ, ਅਵਿਨਾਸ਼ ਕੌਰ, ਪ੍ਰਭਜੋਤ ਕੌਰ ਨੇ ਕ੍ਰਮਵਾਰ 121, 119, 118 ਅਤੇ 117 ਅੰਕ ਪ੍ਰਾਪਤ ਕਰਕੇ ਸੰਸਥਾ ਵਿੱਚੋਂ ਕ੍ਰਮਵਾਰ ਪਹਿਲਾ, ਦੂਸਰਾ, ਤੀਸਰਾ ਅਤੇ ਚੌਥਾ ਸਥਾਨ ਅਤੇ ਨਵਪ੍ਰੀਤ ਕੌਰ, ਜੈਸਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ 116 ਅੰਕ ਪ੍ਰਾਪਤ ਕਰਕੇ ਸੰਸਥਾ ਵਿੱਚੋਂ ਸਾਂਝੇ ਤੌਰ ’ਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਨਾ ਸਿਰਫ਼ ਉਨ੍ਹਾਂ ਦੇ ਵਿਅਕਤੀਗਤ ਭਵਿੱਖ ਨੂੰ ਨਵੀਂ ਦਿਸ਼ਾ ਮਿਲੀ ਹੈ, ਸਗੋਂ ਸੰਸਥਾ ਦੀ ਪ੍ਰਤੀਸ਼ਠਾ ਵਿਚ ਵੀ ਵਾਧਾ ਹੋਇਆ ਹੈ। ਸੰਸਥਾ ਦੇ ਸਕੱਤਰ ਹਰਨੰਦਨ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਸੰਸਥਾ ਦੇ ਉੱਚ ਮਿਆਰੀ ਸਿੱਖਿਆ ਪ੍ਰਣਾਲੀ ਦਾ ਨਤੀਜਾ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਹਮੇਸ਼ਾ ਤੋਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਉਪਲੱਬਧੀਆਂ ਹਾਸਲ ਕਰਨ ਲਈ ਵਚਨਬੱਧ ਰਹੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਨਾ ਸਿਰਫ਼ ਉਨ੍ਹਾਂ ਦੇ ਮਾਣਮੱਤੇ ਭਵਿੱਖ ਲਈ ਰਾਹ ਖੋਲੇਗੀ, ਬਲਕਿ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕਰੇਗੀ।