ਹਫ਼ਤਾਵਾਰੀ ਚੁਪਹਿਰਾ ਸਮਾਗਮ ਮੌਕੇ ਜੁੜੀ ਹਜਾਰਾਂ ਸੰਗਤ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਹਫ਼ਤਾਵਾਰੀ ਚੁਪਹਿਰਾ ਸਮਾਗਮ ਮੌਕੇ ਜੁੜੀ ਹਜਾਰਾਂ ਸੰਗਤ
Publish Date: Sun, 19 Apr 2026 07:57 PM (IST)
Updated Date: Mon, 20 Apr 2026 04:10 AM (IST)

ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਜਪੁਜੀ ਸਾਹਿਬ ਜੀ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਕੀਤੇ ਪਾਠ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਹਜਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਹਰ ਹਫਤੇ ਇਥੇ ਵੱਡੀ ਗਿਣਤੀ ਸੰਗਤ ਹਾਜਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਹੋਰ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ਵਿਚ ਹਾਜਰੀ ਭਰਨ ਲਈ ਪਹੁੰਚਣ ਲੱਗੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ਵਿਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਅਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾ ਗਰਮੀ, ਸੰਗਤ ਸਮਾਗਮ ਦੌਰਾਨ ਹਾਜਰੀ ਭਰਨ ਲਈ ਗੁਰੂ ਘਰ ਜ਼ਰੂਰ ਪੁੱਜਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵਾ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ਬਾਕਸ-- ਗੁਰੂ ਘਰ ’ਚ ਸੰਗਤ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ਸੇਵਾਵਾਂ : ਪੱਡਾ ਗੁਰਦਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਗੁਰੂ ਘਰ ਦੇ ਵਿਸਥਾਰ ਤੇ ਵਿਕਾਸ ਲਈ ਕਈ ਸੇਵਾਵਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲੀ ਕੀਤੀ ਕਿ ਚੱਲ ਰਹੀਆਂ ਸੇਵਾਵਾਂ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣ। ਬਾਕਸ ਸ੍ਰੀ ਗੁਰੂ ਅਰਜਨ ਦੇਵ ਜੀ ਖੂਨਦਾਨ ਸੁਸਾਇਟੀ ਨੇ ਲਾਇਆ ਖੂਨਦਾਨ ਕੈਂਪ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਚੁਪਹਿਰਾ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਖੂਨਦਾਨ ਸੇਵਾ ਸੁਸਇਟੀ ਵੱਲੋਂ ਖੂਨਦਾਨ ਕੈਂਪ ਅੰਮ੍ਰਿਤਸਰ ਦੇ ਪ੍ਰਕਾਸ਼ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਖੂਨਦਾਨ ਕਰਕੇ ਇਸ ਮਹਾਨ ਕਾਰਜ ਵਿਚ ਯੋਗਦਾਨ ਪਾਇਆ ਗਿਆ, ਜਿਨ੍ਹਾਂ ਨੂੰ ਸੁਸਾਇਟੀ ਦੇ ਪ੍ਰਧਾਨ ਮੇਜ਼ਰ ਸਿੰਘ, ਜਗਰੂਪ ਸਿੰਘ, ਗੁਰਸੇਵਕ ਸਿੰਘ, ਸੁਖਦੀਪ ਸਿੰਘ ਅਤੇ ਹਸਪਤਾਲ ਤੋਂ ਪੁੱਜੇ ਰਜਵੰਤ ਕੌਰ ਤੇ ਪ੍ਰਭਦੀਪ ਕੌਰ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ।